ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ, ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਜ੍ ਜਿਸ ’ਤੇ ਅੱਜ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਹੈ। ਮਜੀਠੀਆ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ।
ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਇਹ ਮਾਮਲਾ ਸੁਪਰੀਮ ਕੋਰਟ ਵੱਲੋਂ ਰੱਦ ਕੀਤੀ ਗਈ ਰਿਪੋਰਟ ‘ਤੇ ਆਧਾਰਿਤ ਹੈ, ਜਿਸ ਨੂੰ ਪੰਜਾਬ ਸਰਕਾਰ ਨੇ ਵੀ ਸੁਪਰੀਮ ਕੋਰਟ ਵਿੱਚ ਪੇਸ਼ ਕੀਤਾ ਸੀ।2 ਜੁਲਾਈ ਨੂੰ ਮਜੀਠੀਆ ਨੂੰ ਸੱਤ ਦਿਨਾਂ ਦੇ ਰਿਮਾਂਡ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਜਾਂਚ ਦੌਰਾਨ ਉਨ੍ਹਾਂ ਦੀ ਜਾਇਦਾਦ ਸਬੰਧੀ ਨਵੀਆਂ ਜਾਣਕਾਰੀਆਂ ਸਾਹਮਣੇ ਲਿਆਂਦੀਆਂ ਅਤੇ ਗੋਰਖਪੁਰ, ਯੂਪੀ ਵਿੱਚ ਜਾਂਚ ਦੀ ਗੱਲ ਕੀਤੀ। ਅਦਾਲਤ ਨੇ ਚਾਰ ਦਿਨਾਂ ਦਾ ਹੋਰ ਰਿਮਾਂਡ ਦਿੱਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ, ਸੁਖਬੀਰ ਬਾਦਲ ਸਮੇਤ, ਮੋਹਾਲੀ ਵਿੱਚ ਇਕੱਠੇ ਹੋਏ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
25 ਜੂਨ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ 540 ਕਰੋੜ ਰੁਪਏ ਦੀ ਜਾਇਦਾਦ ਦਾ ਮਾਮਲਾ ਦਰਜ ਕੀਤਾ। ਸੂਬੇ ਦੀਆਂ 26 ਥਾਵਾਂ ‘ਤੇ ਛਾਪੇਮਾਰੀ ਕਰਕੇ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕੀਤੇ ਗਏ। ਮਜੀਠੀਆ ਦਾ ਕਹਿਣਾ ਹੈ ਕਿ ਇਹ ਸਾਰਾ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।