India Punjab

CBI ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਟਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 9 ਅਕਤੂਬਰ ਨੂੰ ਕਰੇਗੀ।

ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਸੂਚੀਬੱਧ ਸੀ। ਸੁਣਵਾਈ ਸ਼ੁਰੂ ਹੁੰਦੇ ਹੀ ਜਸਟਿਸ ਦੱਤਾ ਨੇ ਕਿਹਾ ਕਿ ਫਾਈਲ ਜਸਟਿਸ ਨਾਗੂ ਤੱਕ ਦੇਰ ਨਾਲ ਪਹੁੰਚਣ ਕਾਰਨ ਇਸ ਨੂੰ ਕੱਲ੍ਹ ਵਿਚਾਰਿਆ ਜਾਵੇਗਾ।

ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਸੇ ਵੀ ਜਲਦਬਾਜ਼ੀ ਵਾਲੀ ਕਾਰਵਾਈ ਵਿਰੁੱਧ ਅੰਤਰਿਮ ਹੁਕਮ ਦੀ ਮੰਗ ਕੀਤੀ, ਪਰ ਜਸਟਿਸ ਦੱਤਾ ਨੇ ਕਿਹਾ ਕਿ ਅਜਿਹਾ ਹੁਕਮ ਉਦੋਂ ਹੀ ਦਿੱਤਾ ਜਾ ਸਕਦਾ ਹੈ ਜਦੋਂ ਦੂਜੇ ਜੱਜ ਨੂੰ ਫਾਈਲ ਪੜ੍ਹਨ ਦਾ ਮੌਕਾ ਮਿਲ ਚੁੱਕਾ ਹੋਵੇ। ਬਾਅਦ ਵਿੱਚ ਮਾਮਲਾ 8 ਅਕਤੂਬਰ ਲਈ ਸੂਚੀਬੱਧ ਕੀਤਾ ਗਿਆ।

ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ HC ਨੇ ਦਿੱਤੇ ਸੀ CBI ਜਾਂਚ ਦੇ ਹੁਕਮ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਸੀਬੀਆਈ ਨੂੰ ਕੇਸ ਦਰਜ ਕਰਨ ਅਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈ ਕੋਰਟ ਨੇ ਦੋ ਮਹੀਨਿਆਂ ਵਿੱਚ ਸਟੇਟਸ ਰਿਪੋਰਟ ਵੀ ਮੰਗੀ ਸੀ। ਇਸ ਹੁਕਮ ਤੋਂ ਬਾਅਦ ਸੀਬੀਆਈ ਨੇ ਮੰਗਲਵਾਰ ਸ਼ਾਮ 5 ਵਜੇ ਪੰਜਾਬ ਦੇ ਅੱਠ ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਨ੍ਹਾਂ ਵਿੱਚ ਮੁੱਖ ਮੰਤਰੀ ਦਾ ਚੰਡੀਗੜ੍ਹ ਕੈਂਪ ਦਫ਼ਤਰ ਅਤੇ ਓਐਸਡੀ ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ਸ਼ਾਮਲ ਹਨ।

ਟੀਮਾਂ ਨੇ ਲੈਪਟਾਪ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਜ਼ਬਤ ਕੀਤੇ ਅਤੇ ਕਾਰਵਾਈ ਰਾਤ 11 ਵਜੇ ਤੱਕ ਚੱਲਦੀ ਰਹੀ। ਇਸ ਤੋਂ ਬਾਅਦ ਘੁੰਮਣ ਸਮੇਤ ਛੇ ਲੋਕਾਂ ਨੂੰ ਸੰਮਨ ਜਾਰੀ ਕੀਤੇ ਗਏ, ਪਰ ਉਹ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਨਹੀਂ ਹੋਏ।

ਈਡੀ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਤਬਾਦਲਾ-ਪੋਸਟਿੰਗ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ ਅਤੇ ਰਾਜਬੀਰ ਸਿੰਘ ਘੁੰਮਣ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਸੀ, ਪਰ ਪੁਲਿਸ ਨੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਨਹੀਂ ਕੀਤੀ। ਸੁਪਰੀਮ ਕੋਰਟ ਵਿੱਚ ਇਸ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ ਹੋਣੀ ਹੈ।