The Khalas Tv Blog Punjab ਹਾਈਕੋਰਟ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਸੁਣਵਾਈ: 700 ਦੇ ਕਰੀਬ ਪਟੀਸ਼ਨਾਂ ਦਾਇਰ
Punjab

ਹਾਈਕੋਰਟ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਸੁਣਵਾਈ: 700 ਦੇ ਕਰੀਬ ਪਟੀਸ਼ਨਾਂ ਦਾਇਰ

ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਚੋਣ ਪ੍ਰਚਾਰ ਰੁਕ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸੂਬੇ ਵਿੱਚ ਛੁੱਟੀ ਤੇ ਡ੍ਰਾਈ ਡੇ ਦਾ ਵੀ ਐਲਾਨ ਕੀਤਾ ਗਿਆ ਹੈ। ਤਾਂ ਦੂਜੇ ਪਾਸੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਅੱਜ ਪੰਜਾਬ ਹਰਿਆਣਾ ਹਾਈਕੋਰਟ ਅਹਿਮ ਸੁਣਵਾਈ ਕਰਨ ਜਾ ਰਿਹਾ ਹੈ। ਜਿਸ ਤੋਂ ਬਾਅਦ ਹੀ ਭਲਕੇ ਹੋਣ ਵਾਲੀਆਂ ਚੋਣਾਂ ਨੂੰ ਲੈਕੇ ਸਥਿਤੀ ਸਪੱਸ਼ਟ ਹੋ ਪਾਵੇਗੀ।

ਇਸ ਦੌਰਾਨ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ‘ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।

ਪਾਰਟੀ ਦੇ ਨਿਸ਼ਾਨ ‘ਤੇ ਨਹੀਂ ਚੋਣ, ਫਿਰ ਵੀ ਵਿਵਾਦ

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕ ਰਹੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਕਤਲ ਵੀ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

ਸਰਕਾਰ ਪਹੁੰਚੀ ਸੀ ਹਾਈਕੋਰਟ

ਕਈ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਦੇ ਫੈਸਲੇ ਤੇ ਇਤਰਾਜ਼ ਜਾਹਿਰ ਕਰਦਿਆਂ ਪੰਜਾਬ ਸਰਕਾਰ ਹਾਈਕੋਰਟ ਪਹੁੰਚੀ। ਜਿਸ ਵਿੱਚ ਉਹਨਾਂ ਕੋਰਟ ਤੋਂ ਮੰਗ ਕੀਤੀ ਸੀ ਕਿ ਸਾਰੀਆਂ ਪਟੀਸ਼ਨਾਂ ਨੂੰ ਇਕੱਠੀਆਂ ਕਰਕੇ ਚੋਣਾਂ ਰੱਦ ਕਰਨ ਦੀ ਥਾਂ ਇੱਕ ਇੱਕ ਪਟੀਸ਼ਨ ਨੂੰ ਸੁਣਿਆ ਜਾਵੇ ਅਤੇ ਉਸ ਤੋਂ ਬਾਅਦ ਹੀ ਕੋਈ ਫੈਸਲਾ ਸੁਣਾਇਆ ਜਾਵੇ। ਜਿਸ ਨੂੰ ਹਾਈਕੋਰਟ ਨੇ ਮੰਨ ਲਿਆ ਸੀ। ਇਸ ਸੁਣਵਾਈ ਲਈ 15 ਅਕਤੂਬਰ ਦੀ ਤਰੀਕ ਤੈਅ ਕੀਤੀ ਗਈ ਸੀ।

ਹਾਈਕੋਰਟ ਪਹੁੰਚੀਆਂ ਨੇ ਕਰੀਬ 500 ਪਟੀਸ਼ਨਾਂ

ਨਾਮਜ਼ਦਗੀਆਂ ਰੱਦ ਹੋਣ ਦੇ ਵਿਰੋਧ ਵਿੱਚ ਕਰੀਬ 500 ਪਟੀਸ਼ਨਾਂ ਪੰਜਾਬ ਹਰਿਆਣਾ ਹਾਈਕੋਰਟ ਪਹੁੰਚੀਆਂ ਹਨ। ਜਿਸ ਵਿੱਚੋਂ 250 ਤੋਂ ਵੱਧ ਪਟੀਸ਼ਨਾਂ ਤੇ ਹਾਈਕੋਰਟ ਪਹਿਲਾਂ ਹੀ ਸੁਣਵਾਈ ਕਰਕੇ ਚੋਣਾਂ ਤੇ ਰੋਕ ਲਗਾ ਚੁੱਕਾ ਹੈ। ਜਦੋਂਕਿ ਬਾਕੀ ਦੀਆਂ ਪਟੀਸ਼ਨਾਂ ਤੇ ਅੱਜ ਸੁਣਵਾਈ ਹੋਣ ਦੀ ਉਮੀਦ ਹੈ। ਹੋ ਸਕਦਾ ਹੈ ਕਿ ਕੋਰਟ ਪਹਿਲਾਂ ਵਾਲੀਆਂ ਪਟੀਸ਼ਨਾਂ ਵਾਂਗ ਹੀ ਇਹਨਾਂ ਉੱਪਰ ਵੀ ਸਟੇਅ ਦੇ ਦੇਵੇ।

ਚੋਣ ਕਮਿਸ਼ਨ ਨੇ 24 ਪਿੰਡਾਂ ਵਿੱਚ ਰੱਦ ਕੀਤੀਆਂ ਚੋਣਾਂ

ਇਸ ਤੋਂ ਪਹਿਲਾਂ ਪੰਜਾਬ ਚੋਣ ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਗਿੱਦੜਬਾਹਾ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਸਨ। ਇਸ ਮਾਮਲੇ ਸਬੰਧੀ ਜਾਣਕਾਰੀ ਪੰਜਾਬ ਚੋਣ ਕਮਿਸ਼ਨ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ। ਕਮਿਸ਼ਨ ਨੇ ਇਹ ਫੈਸਲਾ ਨਾਮਜ਼ਦਗੀ ਵਾਪਸ ਲੈਣ ਸਬੰਧੀ ਹੋਈ ਧੋਖਾਧੜੀ ਦੇ ਆਧਾਰ ਤੇ ਲਿਆ ਗਿਆ ਹੈ।

1.33 ਕਰੋੜ ਲੋਕ ਵੋਟ ਪਾਉਣਗੇ

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

 

Exit mobile version