The Khalas Tv Blog Punjab ਪੰਜਾਬੀਆਂ ਲਈ ਖ਼ਾਸ ‘ਐਡਵਾਇਜ਼ਰੀ’ ਜਾਰੀ, ਬੇਹੱਦ ਚੌਕਸ ਰਹਿਣ ਦੀ ਦਿੱਤੀ ਸਲਾਹ
Punjab

ਪੰਜਾਬੀਆਂ ਲਈ ਖ਼ਾਸ ‘ਐਡਵਾਇਜ਼ਰੀ’ ਜਾਰੀ, ਬੇਹੱਦ ਚੌਕਸ ਰਹਿਣ ਦੀ ਦਿੱਤੀ ਸਲਾਹ

ਉੱਤਰੀ ਭਾਰਤ ਵਿੱਚ ਗਰਮ ਲਹਿਰ (Heat wave) ਦੀ ਚੇਤਾਵਨੀ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਖ਼ਾਸ ਸਲਾਹ ਜਾਰੀ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਅੰਦਰ ਤਾਪਮਾਨ ਵਿੱਚ ਬਹੁਤ ਜ਼ਿਆਦਾ ਵਾਧਾ ਦੇਖਿਆ ਜਾਵੇਗਾ। ਇਸ ਲਈ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਬੇਹੱਦ ਧਿਆਨ ਰੱਖਣ ਦੀ ਲੋੜ ਹੈ।

ਇਸ ਸਬੰਧੀ ਮਾਨਸਾ ਦੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜੇ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤਕ ਪਹੁੰਚ ਜਾਂਦਾ ਹੈ ਤਾਂ ਇਹ ਉੱਚ ਤਾਪਮਾਨ ਸਰੀਰ ਦੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬੀਮਾਰੀਆਂ ਦਾ ਕਾਰਨ ਬਣ ਸਕਦਾ ਹੈ।

ਸਿਵਲ ਸਰਜਨ ਨੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਲੂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਇਸ ਸਮੇਂ ਦੌਰਾਨ ਹਰ ਬੰਦੇ ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੱਤੀ ਹੈ ਕਿ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਮੌਸਮ ਦੀ ਭਵਿੱਖਬਾਣੀ ਦੇ ਮੁਤਾਬਕ ਹੀ ਲੋਕ ਆਪਣੇ ਰੋਜ਼ਾਨਾ ਦੇ ਕੰਮ-ਕਾਰਾ ਦੀ ਯੋਜਨਾ ਬਣਾਉਣ।

ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਜੈਨ ਨੇ ਦੱਸਿਆ ਕਿ ਹੀਟ ਸਟਰੋਕ ’ਚ ਨਵਜੰਮੇ ਬੱਚਿਆਂ, ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗਾਂ, ਮਜ਼ਦੂਰਾਂ, ਤੇ ਮੋਟਾਪੇ ਤੋਂ ਪੀੜਤ ਵਿਅਕਤੀਆਂ ਨੂੰ ਵਧੇਰੇ ਜ਼ੋਖ਼ਮ ਹੁੰਦਾ ਹੈ। ਸੋ ਹੇਠ ਲਿਖੇ ਨੁਕਤਿਆਂ ਵੱਲ ਧਿਆਨ ਦੇ ਕੇ ਲੂ ਤੇ ਭਿਆਨਕ ਗਰਮੀ ਤੋਂ ਬਚਿਆ ਜਾ ਸਕਦਾ ਹੈ-

  • ਲੋਕ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਵੇਰੇ ਕਰਨ, ਸਵੇਰੇ ਜਾਂ ਸ਼ਾਮੀਂ।
  • ਜੇ ਪਿਆਸ ਨਹੀਂ ਵੀ ਲੱਗੀ ਤਾਂ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ।
  • ਮਿਰਗੀ, ਦਿਲ ਦੀ ਬੀਮਾਰੀ, ਗੁਰਦੇ, ਜਿਗਰ ਦੀ ਬੀਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ ’ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ।
  • ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿਚ ਸਿਰਫ ਸੂਤੀ ਕੱਪੜੇ ਹੀ ਪਾਏ ਜਾਣ।
  • ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ।
  • ਨੰਗੇ ਪੈਰੀਂ ਬਾਹਰ ਨਾ ਜਾਓ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ।
  • ਧੁੱਪ ’ਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ।
  • ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।
  • ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
Exit mobile version