ਪੰਜਾਬ ਵਿੱਚ ਇਸ ਵੇਲੇ ਭਿਆਨਕ ਗਰਮੀ ਪੈ ਰਹੀ ਹੈ ਅਤੇ ਦਿਨ ਦਾ ਤਾਪਮਾਨ 43.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਨਾਲੋਂ 5.6 ਡਿਗਰੀ ਵੱਧ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ 12 ਜ਼ਿਲ੍ਹਿਆਂ ਲਈ ਹੀਟ ਵੇਵ ਦਾ ਪੀਲਾ ਅਲਰਟ ਅਤੇ ਚਾਰ ਜ਼ਿਲ੍ਹਿਆਂ (ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ) ਲਈ ਸੰਤਰੀ ਅਲਰਟ ਜਾਰੀ ਕੀਤਾ ਹੈ। ਰਾਤ ਨੂੰ ਵੀ ਗਰਮੀ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ, ਪੱਛਮੀ ਗੜਬੜੀ ਕਾਰਨ 9, 10 ਅਤੇ 11 ਅਪ੍ਰੈਲ ਨੂੰ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ਵਿੱਚ 10 ਅਤੇ 11 ਅਪ੍ਰੈਲ ਨੂੰ ਮੀਂਹ ਦੀ ਉਮੀਦ ਹੈ, ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਸਿਹਤ ਵਿਭਾਗ ਨੇ ਗਰਮੀ ਤੋਂ ਬਚਣ ਲਈ ਸਲਾਹ ਜਾਰੀ ਕੀਤੀ ਹੈ ਅਤੇ ਹਸਪਤਾਲਾਂ ਵਿੱਚ ਬਿਸਤਰੇ ਰਾਖਵੇਂ ਰੱਖੇ ਹਨ। ਲੋਕਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਬੇਹੋਸ਼, ਬੇਚੈਨ ਜਾਂ ਗਰਮੀ ਕਾਰਨ ਪਰੇਸ਼ਾਨ ਦਿਖੇ ਤਾਂ 104 ਹੈਲਪਲਾਈਨ ’ਤੇ ਸੰਪਰਕ ਕਰੋ ਅਤੇ ਉਸ ਨੂੰ ਛਾਂ ਵਿੱਚ ਰੱਖੋ।
ਸਾਰੇ ਹਸਪਤਾਲਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਉਪਲਬਧ ਹਨ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ ਅਤੇ ਪਟਿਆਲਾ ਵਿੱਚ ਪੀਲਾ ਅਲਰਟ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਜ਼ਰੂਰੀ ਹੋਣ ’ਤੇ ਹੀ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।