ਸੋਮਵਾਰ (9 ਜੂਨ) ਨੂੰ ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਰਾਜਸਥਾਨ ਨਾਲ ਲੱਗਦੇ ਜ਼ਿਲ੍ਹੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਵਿਚ ਪੀਲਾ ਅਲਰਟ ਜਾਰੀ ਹੈ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ ਬੇਹੱਦ ਵਧਿਆ ਹੋਇਆ ਹੈ। ਪਠਾਨਕੋਟ ਵਿਚ 44 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ 0.9 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਨਾਲੋਂ 2.3 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿਚ 44.5 ਡਿਗਰੀ ਅਤੇ ਚੰਡੀਗੜ੍ਹ ਵਿਚ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 10 ਜੂਨ ਤੱਕ ਇਹੀ ਗਰਮੀ ਬਣੀ ਰਹੇਗੀ। ਉਥੇ 11 ਜੂਨ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿਚ ਮੀਂਹ, ਗਰਜ ਚਮਕ ਅਤੇ ਗੜੇਮਾਰੀ ਹੋ ਸਕਦੀ ਹੈ।
ਗਰਮੀ ਕਾਰਨ ਬਿਜਲੀ ਦੀ ਮੰਗ ਵਿਚ ਭਾਰੀ ਵਾਧਾ ਹੋਇਆ ਹੈ। ਸੋਮਵਾਰ ਨੂੰ ਬਿਜਲੀ ਦੀ ਮੰਗ 14,203 ਮੈਗਾਵਾਟ ਤੱਕ ਪਹੁੰਚ ਗਈ, ਜੋ ਇਸ ਸਾਲ ਦੀ ਦੂਜੀ ਸਭ ਤੋਂ ਵੱਧ ਮੰਗ ਹੈ।
ਗਰਮੀ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕਰ ਦਿੱਤਾ ਹੈ, ਜੋ 15 ਜੁਲਾਈ ਤੱਕ ਲਾਗੂ ਰਹੇਗਾ। ਸਕੂਲਾਂ ਵਿਚ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਘੋਸ਼ਿਤ ਹਨ। ਲੋਕਾਂ ਨੂੰ ਗਰਮੀ ਤੋਂ ਬਚਣ ਲਈ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ।

