Punjab

ਗਰਮੀ ਨੇ ਕੱਢੇ ਵੱਟ, ਹੀਟਵੇਵ ਲਈ ਰੈੱਡ ਅਲਰਟ ਜਾਰੀ, ਅੰਮ੍ਰਿਤਸਰ ਰਿਹਾ ਸਭ ਤੋਂ ਗਰਮ

ਪੰਜਾਬ ਵਿੱਚ ਪੈ ਰਹੀ ਅੱਗ ਦੀ ਗਰਮੀ ਕਾਰਨ ਲੋਕਾਂ ਦੇ ਸਾਹ ਸੁੱਕੇ ਹੋਏ ਹਨ। ਗਰਮੀ ਦਾ ਅਸਰ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਘਰਾਂ ਵਿੱਚ ਲੱਗੇ ਏਸੀ ਵੀ ਇਸ ਅੱਤ ਦੀ ਗਰਮੀ ਅੱਤੇ ਫਿਕੇ ਪੈ ਗਏ ਹਨ।
ਮੌਸਮ ਵਿਭਾਗ ਨੇ ਅੱਜ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਤ ਨੂੰ ਵੀ ਗਰਮੀ ਜ਼ਿਆਦਾ ਰਹੇਗੀ। ਮੌਸਮ ਵਿਭਾਗ ਨੇ ਪਹਿਲੀ ਵਾਰ ਰੈੱਡ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ, ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਘੱਟ ਗਿਆ ਹੈ।

ਹਾਲਾਂਕਿ, ਇਹ ਤਾਪਮਾਨ ਰਾਜ ਵਿੱਚ ਆਮ ਤਾਪਮਾਨ ਨਾਲੋਂ 5.4 ਡਿਗਰੀ ਵੱਧ ਹੈ। ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ 45.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ, 14 ਜੂਨ ਤੱਕ ਲੋਕਾਂ ਨੂੰ ਇਸ ਤਰ੍ਹਾਂ ਦੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ। ਚੰਡੀਗੜ੍ਹ ਵਿੱਚ 41.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਕਿ ਕਈ ਥਾਵਾਂ ‘ਤੇ ਤੇਜ਼ ਹੀਟਵੇਵ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ‘ਤੇ ਗਰਮ ਰਾਤਾਂ ਹੋਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਬਿਜਲੀ ਦੀ ਮੰਗ 16836 ਮੈਗਾਵਾਟ ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਤਿੰਨ ਦਿਨਾਂ ਤੱਕ ਗਰਮੀ ਬਹੁਤ ਜ਼ਿਆਦਾ ਰਹੇਗੀ। 18, 19 ਅਤੇ 20 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।