Punjab

ਭਾਰੀ ਬਾਰਿਸ਼ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ’ਚ ਕਈ ਥਾਈਂ ਭਲਕੇ ਛੁੱਟੀ ਦਾ ਐਲਾਨ, ਸਕੂਲ ਰਹਿਣਗੇ ਬੰਦ

ਬਿਊਰੋ ਰਿਪੋਰਟ: ਗਵਾਂਢੀ ਸੂਬਿਆਂ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਰਕੇ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ ਭਲਕੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਅੰਮ੍ਰਿਤਸਰ ’ਚ ਪੈਂਦੇ ਰਾਵੀ ਅਤੇ ਬਿਆਸ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਇਸ ਕਰਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਸਿੱਖਿਆ ਦਫ਼ਤਰ ਅੰਮ੍ਰਿਤਸਰ ਵੱਲੋਂ ਬਲਾਕ ਅਜਨਾਲਾ 2 ਅਤੇ ਰਈਆ 1 ਵਿੱਚ ਪੈਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਭਲਕੇ ਯਾਨੀ 26 ਅਗਸਤ ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

The Khalas TV

ਉੱਧਰ ਹੁਸ਼ਿਆਰਪੁਰ ਵਿੱਚ ਵੀ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26.08.2025 ਅਤੇ 27.08.2025 (ਮੰਗਲਵਾਰ ਅਤੇ ਬੁੱਧਵਾਰ) ਨੂੰ ਛੁੱਟੀ ਦੀ ਘੋਸ਼ਣਾ ਕੀਤੀ ਹੈ। ਆਸ਼ਿਕਾ ਜੈਨ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਭਾਰੀ ਬਾਰਸ਼ ਹੋ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਬਾਰਸ਼ ਕਾਰਨ ਸਕੂਲਾਂ ਵੱਲ ਜਾਣ ਵਾਲੇ ਕਈ ਰਸਤੇ ਪਾਣੀ ਨਾਲ ਭਰੇ ਹੋਏ ਹਨ, ਜਿਸ ਕਰਕੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ/ਐਲੀਮੈਂਟਰੀ ਸਿੱਖਿਆ) ਹੁਸ਼ਿਆਰਪੁਰ ਨੂੰ ਇਹ ਹੁਕਮ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਫ਼ਾਜ਼ਿਲਕਾ ਦੇ 20 ਪਿੰਡਾਂ ਵਿੱਚ ਵੀ ਸਕੂਲ ਬੰਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

May be an image of text