Punjab

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਠੰਡੀਆਂ ਹਵਾਵਾਂ ਨੇ ਵਧਾਈ ਠੰਡ

ਮੁਹਾਲੀ : ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਹਲਕਾ ਅਤੇ ਤੇਜ਼ ਮੀਂਹ ਲਗਾਤਾਰ ਪੈ ਰਿਹਾ ਹੈ। ਹਲਕੇ ਮੀਂਹ ਦੇ ਨਾਲ ਤੇਜ਼ ਠੰਡੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ ਹੈ। ਮੌਸਮ ਵਿੱਚ ਆਈ ਤਬਦੀਲੀ ਕਾਰਨ ਪੰਜਾਬ ਵਿੱਚ ਅੱਜ ਵੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਅਤੇ 9 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਦਲਦੇ ਮੌਸਮ ਦੇ ਵਿਚਕਾਰ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਕੀਤੀ ਹੈ।

ਪਿਛਲੇ ਕੁਝ ਦਿਨਾਂ ਤੋਂ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 5.7 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।