ਪੰਜਾਬ ਵਿੱਚ ਲਗਾਤਾਰ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੀਂਹ ਦੇ ਕਾਰਨ ਦਰਿਆਵਾਂ ਦਾ ਪਾਣੀ ਵਧਣ ਨਾਲ ਪਿੰਡਾਂ ਵਿੱਚ ਪਾਣੀ ਭਰ ਗਿਆ, ਜਿਸ ਨੇ ਲੋਕਾਂ ਦਾ ਜੀਵਨ ਮੁਸ਼ਕਲ ਕਰ ਦਿੱਤਾ ਹੈ। ਸੜਕਾਂ ‘ਤੇ ਪਾਣੀ ਜਮ੍ਹਾ ਹੋਣ ਨਾਲ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਔਖਾ ਹੋ ਗਿਆ।
- ਇਸ ਸਥਿਤੀ ਨੂੰ ਵੇਖਦੇ ਹੋਏ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
- ਜਲੰਧਰ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ 26 ਅਗਸਤ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ।
- ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ 26 ਅਤੇ 27 ਅਗਸਤ ਨੂੰ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ।
- ਪਠਾਨਕੋਟ ਅਤੇ ਦੀਨਾਨਗਰ ਵਿੱਚ ਵੀ 26 ਅਗਸਤ ਨੂੰ ਸਰਕਾਰੀ, ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ।
- ਇਸੇ ਤਰ੍ਹਾਂ, ਅਜਨਾਲਾ ਅਤੇ ਰਈਆ ਵਿੱਚ ਵੀ 26 ਅਗਸਤ ਨੂੰ ਸਕੂਲ ਬੰਦ ਰਹਿਣਗੇ।
- ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ 20 ਪਿੰਡਾਂ ਦੇ ਸਕੂਲਾਂ ਵਿੱਚ 26, 27 ਅਤੇ 28 ਅਗਸਤ ਨੂੰ ਛੁੱਟੀਆਂ ਦਾ ਐਲਾਨ ਕੀਤਾ।
ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੇਕਰ ਕਿਸੇ ਸਕੂਲ ਜਾਂ ਕਾਲਜ ਵਿੱਚ ਬੋਰਡ/ਯੂਨੀਵਰਸਿਟੀ ਦੇ ਪੇਪਰ ਜਾਂ ਪ੍ਰੈਕਟੀਕਲ ਨਿਰਧਾਰਤ ਹਨ, ਤਾਂ ਇਹ ਹੁਕਮ ਉਨ੍ਹਾਂ ‘ਤੇ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਸਿੱਖਿਆ ਅਫਸਰ (ਗੁਰਦਾਸਪੁਰ) ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਮੀਂਹ ਦੇ ਨਾਲ-ਨਾਲ ਸਤਲੁਜ ਅਤੇ ਬਿਆਸ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਫਿਰੋਜ਼ਪੁਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਵਰਗੇ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਖਤਰਾ ਵਧ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਜਾਣ ਦੀ ਸਲਾਹ ਦਿੱਤੀ ਹੈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।