ਬਿਊਰੋ ਰਿਪੋਰਟ (ਅੰਮ੍ਰਿਤਸਰ, 12 ਦਸੰਬਰ 2025): ਅੰਮ੍ਰਿਤਸਰ ਵਿੱਚ ਅੱਜ 15 ਨਾਮੀ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ (ਡੀ.ਸੀ.) ਦੇ ਹੁਕਮਾਂ ‘ਤੇ ਸਾਰੇ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਹੈ।
ਈ-ਮੇਲ ਰਾਹੀਂ ਮਿਲੀ ਧਮਕੀ
ਸਕੂਲ ਮੈਨੇਜਮੈਂਟ ਨੂੰ ਇਹ ਧਮਕੀ ਇੱਕ ਈ-ਮੇਲ ਰਾਹੀਂ ਭੇਜੀ ਗਈ ਸੀ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਨ ਨੇ ਤੁਰੰਤ ਅੰਮ੍ਰਿਤਸਰ ਪੁਲਿਸ ਨੂੰ ਸੂਚਿਤ ਕੀਤਾ।
ਸਕੂਲ ਪ੍ਰਬੰਧਨ ਨੇ ਮਾਪਿਆਂ ਨੂੰ ਤੁਰੰਤ ਮੈਸੇਜ ਭੇਜੇ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਤੋਂ ਘਰ ਲੈ ਜਾਣ। ਸਾਰੀਆਂ ਸਕੂਲ ਵੈਨਾਂ ਨੂੰ ਬੁਲਾ ਕੇ ਬੱਚਿਆਂ ਨੂੰ ਜਲਦੀ ਘਰ ਭੇਜਿਆ ਗਿਆ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕਾ ਸੀਲ ਕਰ ਦਿੱਤਾ ਹੈ। ਬੰਬ ਸਕੁਐਡ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ ਅਤੇ ਸਕੂਲ ਦੇ ਅੰਦਰ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਪੁਲਿਸ ਦਾ ਬਿਆਨ: ਸ਼ਰਾਰਤ ਹੋਣ ਦਾ ਸ਼ੱਕ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇਸ ਮਾਮਲੇ ‘ਤੇ ਪਹਿਲਾ ਬਿਆਨ ਆਇਆ ਹੈ। ਪੁਲਿਸ ਨੇ ਕਿਹਾ ਹੈ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਸਕੂਲਾਂ ਨੂੰ ਇੱਕ ਸ਼ੱਕੀ ਈ-ਮੇਲ ਪ੍ਰਾਪਤ ਹੋਇਆ ਹੈ।
ਹਰ ਸਕੂਲ ਵਿੱਚ ਇੱਕ ਗਜ਼ਟਿਡ ਅਫ਼ਸਰ ਤਾਇਨਾਤ ਕੀਤਾ ਗਿਆ ਹੈ ਅਤੇ ਐਂਟੀ-ਸਬੋਟਾਜ ਜਾਂਚ ਚੱਲ ਰਹੀ ਹੈ।
ਸਾਈਬਰ ਪੁਲਿਸ ਈ-ਮੇਲ ਦੇ ਸਰੋਤ ਦਾ ਪਤਾ ਲਗਾ ਰਹੀ ਹੈ। ਪੁਲਿਸ ਨੇ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲਿਆਂ ਵਿੱਚ ਕੁਝ ਵਿਦਿਆਰਥੀ ਸ਼ਰਾਰਤ ਕਰਦੇ ਫੜੇ ਗਏ ਸਨ।
ਪੁਲਿਸ ਨੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਅਤੇ ਚੌਕਸ ਹੈ।

