India Punjab

ਹਾਈਕੋਰਟ ਨੇ ਵੀ ਮੋਦੀ ਦੀ ਸੁਰੱਖਿਆ ‘ਚ ਹੋਈ ਢਿੱਲ ‘ਤੇ ਜਤਾਈ ਚਿੰਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੌਕੇ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਦਰਅਸਲ, ਹਾਈਕੋਰਟ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ‘ਤੇ ਸੁਣਵਾਈ ਕਰ ਰਿਹਾ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਰਾਮ ਰਹੀਮ ਨੂੰ ਹਵਾਈ ਜਹਾਜ਼ ਰਾਹੀਂ ਪੰਜਾਬ ਲਿਆਂਦਾ ਜਾਵੇਗਾ। ਇਸ ‘ਤੇ ਹਾਈਕੋਰਟ ਨੇ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਜੋ ਕੁੱਝ ਵਾਪਰਿਆ, ਉਸ ਨੂੰ ਸੰਭਾਲ ਨਹੀਂ ਸਕੀ। ਅਜਿਹੇ ‘ਚ ਜੇਕਰ ਡੇਰਾ ਮੁਖੀ ਰਾਮ ਰਹੀਮ ਨੂੰ ਲਿਆਂਦਾ ਜਾਂਦਾ ਹੈ ਤਾਂ ਸਥਿਤੀ ਨੂੰ ਕਿਵੇਂ ਸੰਭਾਲਿਆ ਜਾਵੇਗਾ।

ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਕੀ ਰਾਮ ਰਹੀਮ ਵੀਆਈਪੀ ਹੈ, ਜਿਸ ਨੂੰ ਹਵਾਈ ਜਹਾਜ਼ ਰਾਹੀਂ ਲਿਆਂਦਾ ਜਾਵੇਗਾ। ਕੀ ਉਹ ਪ੍ਰਧਾਨ ਮੰਤਰੀ ਤੋਂ ਵੀ ਉੱਪਰ ਹੈ? ਜਸਟਿਸ ਅਰਵਿੰਦ ਸਾਂਗਵਾਨ ਦੇ ਸਾਹਮਣੇ ਸਰਕਾਰੀ ਵਕੀਲ ਨੇ ਕਿਹਾ ਕਿ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ‘ਤੇ ਲੱਗੀ ਰੋਕ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਰਾਮ ਰਹੀਮ ਨੂੰ ਹੈਲੀਕਾਪਟਰ ਰਾਹੀਂ ਪੰਜਾਬ ਲਿਆਂਦਾ ਜਾਵੇਗਾ। ਸੁਰੱਖਿਆ ‘ਚ 35 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਾਲਾਂਕਿ ਹਾਈਕੋਰਟ ਨੇ ਇਸ ਨਾਲ ਸਹਿਮਤੀ ਨਹੀਂ ਜਤਾਈ ਅਤੇ ਪ੍ਰੋਡਕਸ਼ਨ ਵਾਰੰਟ ‘ਤੇ ਲੱਗੀ ਰੋਕ ਨਹੀਂ ਹਟਾਈ। ਮਾਮਲੇ ਦੀ ਅਗਲੀ ਸੁਣਵਾਈ ਹੁਣ 21 ਅਪ੍ਰੈਲ ਨੂੰ ਹੋਵੇਗੀ।