India Khetibadi Punjab

ਹਾਈਕੋਰਟ ਦੀ ਹਰਿਆਣਾ ਤੇ ਪੰਜਾਬ ਸਰਕਾਰ ‘ਤੇ ਸਖਤੀ ! ਤੁਸੀਂ ਇੰਟਰਨੈੱਟ ਕਿਉਂ ਬੰਦ ਕੀਤੇ ! ਸ਼ੁਭਕਰਨ ਦੇ ਮਾਮਲੇ ‘ਚ ਦੇਰੀ ਕਿਉਂ ਕੀਤੀ ?

ਬਿਉਰੋ ਰਿਪੋਰਟ : ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ ਜਸਟਸਿ ਗੁਰਮੀਤ ਸਿੰਘ ਸੰਧਾਵਾਲੀਆ ਦੀ ਡਬਲ ਬੈਂਚ ਨੇ ਕਿਸਾਨੀ ਅੰਦੋਲਨ,ਸ਼ੁਭਕਰਮ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਨੂੰ ਤਗੜੀ ਝਾੜ ਲਗਾਈ ਹੈ । ਸਿਰਫ਼ ਇੰਨਾਂ ਹੀ ਨਹੀਂ ਕਿਸਾਨਾਂ ਨੂੰ ਵੀ ਨਸੀਹਤ ਦਿੱਤੀ ਹੈ । ਅਦਾਲਤ ਨੇ ਹਰਿਆਣਾ ਸਰਕਾਰ ਨੂੰ ਕਿਹਾ ਤੁਸੀਂ ਸਰਕਾਰ ਹੋ ਨਾ ਕਿ ਅਤਿ ਵਾਦੀ ਜੋ ਇਸ ਤਰ੍ਹਾਂ ਕਿਸਾਨਾਂ ‘ਤੇ ਗੋਲੀਆਂ ਚੱਲਾਇਆ । ਅਦਾਲਤ ਨੇ ਕਿਹਾ ਸ਼ੁਭਕਰਨ ਦੀ ਮੌਤ ਨੂੰ ਲੈਕੇ ਜਿਹੜੀ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ ਹੈ ਤੁਸੀਂ ਉਸ ‘ਤੇ ਜਵਾਬ ਦਿਉ । ਇਸ ਦੇ ਨਾਲ ਅਦਾਲਤ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਸ਼ੁਭਕਰਨ ਦੀ ਲਾਸ਼ ਨੂੰ ਇੱਕ ਹਫਤੇ ਤੱਕ ਰੱਖਿਆ ਹੋਇਆ ਸੀ ਤੁਸੀਂ ਜਾਂਚ ਸ਼ੁਰੂ ਕਿਉਂ ਨਹੀਂ ਕੀਤੀ ? ਜੇ ਮੌਤ ਕੁਦਰਤੀ ਨਹੀਂ ਸੀ ਤਾਂ ਪੋਸਟਮਾਰਟਮ ਅਤੇ FIR ਦਰਜ ਕਰਨ ਵਿੱਚ ਇੰਨੀ ਦੇਰੀ ਕਿਉਂ ਹੋਈ ? ਇਸ ‘ਤੇ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਬੀਤੇ ਦਿਨੀਂ FIR ਦਰਜ ਕੀਤੀ ਗਈ,ਪੋਸਟਮਾਰਟਮ ਕੀਤਾ ਗਿਆ ਹੈ। ਅਦਾਲਤ ਨੇ ਮੁੜ ਤੋਂ ਸਖਤੀ ਨਾਲ ਕਿਹਾ ਰਿਪੋਰਟ ਆਉਣ ਤੋਂ ਬਾਅਦ ਅਸੀਂ ਇਸ ਮਾਮਲੇ ਵਿੱਚ ਜ਼ਰੂਰੀ ਹੁਕਮ ਜਾਰੀ ਕਰਾਂਗੇ।

ਰੋਜ਼ਾਨਾ ਸਪੋਕਸਮੈਨ ਦੀ ਖਬਰ ਦੇ ਮੁਤਾਬਿਕ ਕਿਸਾਨ ਅੰਦੋਲਨ ਨਾਲ ਜੁੜੀਆਂ ਵੱਖ-ਵੱਖ ਪਟੀਸ਼ਨਾਂ ‘ਤੇ ਸੁਣਵਾਈ ਦੌਰਾਨ ਕਾਰਜਕਾਰੀ ਚੀਫ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਨੇ ਦੋਵਾਂ ਸੂਬਿਆਂ ਵਿੱਚ ਇੰਟਰਨੈੱਟ ਅਤੇ ਫੋਨ ਸੇਵਾ ਬੰਦ ਕਰਨ ‘ਤੇ ਜਵਾਬ ਮੰਗਿਆ । ਅਦਾਲਤ ਨੇ ਕਿਹਾ ਇੰਟਰਨੈੱਟ ਲੋਕਾਂ ਦਾ ਅਧਿਕਾਰ ਹੈ ।ਹਾਈ ਕੋਰਟ ਨੇ ਹਰਿਆਣਾ, ਪੰਜਾਬ ਅਤੇ ਕੇਂਦਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।

ਅਦਾਲਤ ਨੇ ਸੁਣਵਾਈ ਦੌਰਾਨ ਕਿਸਾਨਾਂ ਨੂੰ ਝਾੜ ਪਾਈ ਹੈ ਉਨ੍ਹਾ ਕਿਹਾ ਤੁਸੀਂ ਮੰਗਾਂ ਨੂੰ ਲੈਕੇ ਹਾਈਵੇ ‘ਤੇ ਬੈਠੇ ਹੋ,ਕਿਸਾਨ ਅਦਾਲਤ ਵਿੱਚ ਆਕੇ ਆਪਣਾ ਪੱਖ ਕਿਉਂ ਨਹੀਂ ਰੱਖ ਦੇ ਹਨ । JCB ਅਤੇ ਸਪੈਸ਼ਲ ਤਿਆਰ ਕੀਤੇ ਟਰੈਕਟਰਾਂ ਦੇ ਨਾਲ ਅੰਦੋਲਨ ਨੂੰ ਕਿਵੇਂ ਜਾਇਜ਼ ਠਹਿਰਾਇਆ ਜਾ ਸਕਦਾ ਹੈ । ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖ ਦੇ ਹੋਏ ਦੱਸਿਆ ਕਿ ਅਸੀਂ ਕਿਸਾਨਾਂ ਦੇ ਲਈ ਵੱਖ-ਵੱਖ ਭਲਾਈ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਹਨ,ਅਸੀਂ ਵਿਵਾਦ ਨੂੰ ਲੈਕੇ ਮੀਟਿੰਗਾਂ ਵੀ ਕੀਤੀਆਂ ਹਨ । ਅਸੀਂ ਅਦਾਲਤ ਨੂੰ ਅਪੀਲ ਕਰਦੇ ਹਾਂ ਕਿ ਉਹ ਦੇਸ਼ ਦੇ ਹਿੱਤ ਵਿੱਚ ਹੁਕਮ ਜਾਰੀ ਕਰਨ।