The Khalas Tv Blog India ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ! ‘ਕਿਉਂ ਕਬਜ਼ੇ ਤੋਂ ਮੁਕਤ ਨਹੀਂ ਕਰਵਾਈ ਜ਼ਮੀਨ’ NHAI ਤੇ ਠੇਕੇਦਾਰਾਂ ਨੂੰ ਸੁਰੱਖਿਆ ਦੇਣ ਦੇ ਹੁਕਮ
India Punjab

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ! ‘ਕਿਉਂ ਕਬਜ਼ੇ ਤੋਂ ਮੁਕਤ ਨਹੀਂ ਕਰਵਾਈ ਜ਼ਮੀਨ’ NHAI ਤੇ ਠੇਕੇਦਾਰਾਂ ਨੂੰ ਸੁਰੱਖਿਆ ਦੇਣ ਦੇ ਹੁਕਮ

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰੋਜੈਕਟਾਂ ਲਈ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਢਿੱਲ ਅਤੇ ਨਾਕਾਮੀ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਅਹਿਮ ਪ੍ਰਾਜੈਕਟਾਂ ਵਿੱਚ ਦੇਰੀ ਦਾ ਕਾਰਨ ਕਰਾਰ ਦਿੱਤਾ ਹੈ।

ਇਸ ਮਾਮਲੇ ਵਿੱਚ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਕਟੜਾ-ਦਿੱਲੀ ਐਕਸਪ੍ਰੈਸ ਵੇਅ ’ਤੇ ਐਨਐਚਏਆਈ ਲਈ ਜ਼ਮੀਨ ਨੂੰ ਕਬਜ਼ੇ ਮੁਕਤ ਕਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਪ੍ਰਾਜੈਕਟ ਵਿੱਚ ਕੋਈ ਰੁਕਾਵਟ ਨਾ ਆਵੇ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਕੁਲਦੀਪ ਤਿਵਾਰੀ ਦੀ ਡਿਵੀਜ਼ਨ ਬੈਂਚ ਨੇ ਐਨਐਚਏਆਈ ਅਤੇ ਇਸ ਦੇ ਠੇਕੇਦਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਵੀ ਹੁਕਮ ਦਿੱਤਾ ਤਾਂ ਜੋ ਉਹ ਕੰਮ ਮੁੜ ਸ਼ੁਰੂ ਕਰ ਸਕਣ।

ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਇਹ ਵੀ ਪੁੱਛਿਆ ਹੈ ਕਿ ਪਿਛਲੇ ਹੁਕਮਾਂ ਦੇ ਬਾਵਜੂਦ 15 ਅਕਤੂਬਰ ਤੱਕ ਜ਼ਮੀਨ ਦਾ ਪੂਰਾ ਕਬਜ਼ਾ ਕਿਉਂ ਨਹੀਂ ਸੌਂਪਿਆ ਜਾ ਸਕਿਆ। ਅਦਾਲਤ ਨੇ ਪੰਜਾਬ ਸਰਕਾਰ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਨਾਲ ਵੀ ਅਸਹਿਮਤੀ ਜਤਾਈ।

NHAI ਨੇ ਪੰਜਾਬ ਦੇ ਅਫ਼ਸਰਾਂ ’ਤੇ ਲਾਏ ਇਲਜ਼ਾਮ

ਇਸ ਮਾਮਲੇ ਵਿੱਚ NHAI ਨੇ ਇੱਕ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਰਾਜ ਦੇ ਅਧਿਕਾਰੀਆਂ ਦੇ ਸਹਿਯੋਗ ਦੀ ਘਾਟ ਕਾਰਨ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਵਿੱਚ ਰੁਕਾਵਟ ਆ ਰਹੀ ਹੈ। NHAI ਨੇ ਇਹ ਵੀ ਕਿਹਾ ਕਿ ਜ਼ਮੀਨ ਦੇ ਕਬਜ਼ੇ ਤੋਂ ਬਿਨਾਂ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਅੱਗੇ ਵਧਾਉਣਾ ਮੁਸ਼ਕਲ ਹੋ ਰਿਹਾ ਹੈ।

ਪਿਛਲੀ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਲਫ਼ਨਾਮਾ ਦਾਇਰ ਕਰਕੇ ਕਿਹਾ ਸੀ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ’ਤੇ 136.44 ਕਿਲੋਮੀਟਰ ਜ਼ਮੀਨ ਦਾ ਕਬਜ਼ਾ NHAI ਨੂੰ ਦੇ ਦਿੱਤਾ ਗਿਆ ਹੈ, ਜਦਕਿ ਬਾਕੀ ਜ਼ਮੀਨ ਦਾ ਕਬਜ਼ਾ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

Exit mobile version