Punjab

ਹਾਈ ਕੋਰਟ ਨੇ ਦਿੱਤੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ,ਵਿਜੀਲੈਂਸ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਕੀਤਾ ਸੀ ਗ੍ਰਿਫਤਾਰ

ਹਾਈ ਕੋਰਟ ਨੇ ਦਿੱਤੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ,ਵਿਜੀਲੈਂਸ ਨੇ ਭ੍ਰਿਸ਼ਟਾਚਾਰ ਮਾਮਲੇ 'ਚ ਕੀਤਾ ਸੀ ਗ੍ਰਿਫਤਾਰ

ਚੰਡੀਗੜ੍ਹ : 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ 2022 ਨੂੰ ਆਸ਼ੂ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਆਸ਼ੂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਆਸ਼ੂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਤਾਂ ਆਸ਼ੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਪਰ ਹੁਣ ਤੱਕ ਉਸ ਨੂੰ ਰਾਹਤ ਨਹੀਂ ਮਿਲ ਸਕੀ ਸੀ।

ਦੱਸ ਦਈਏ ਕਿ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਦਾ ਦੋਸ਼ ਲਾਇਆ ਸੀ। ਸ਼ਿਕਾਇਤਕਰਤਾ ਲੇਬਰ ਅਤੇ ਟਰਾਂਸਪੋਰਟ ਦੇ ਛੋਟੇ ਠੇਕੇਦਾਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਸੀ ਕਿ 3 ਸਾਲਾਂ ਤੋਂ ਲੇਬਰ ਕਾਟੇਜ, ਲੇਬਰ ਪੀ.ਈ.ਜੀ. ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ 20-25 ਵੱਡੇ ਠੇਕੇਦਾਰਾਂ ਨੂੰ ਮਨਮਾਨੇ ਰੇਟਾਂ ‘ਤੇ ਠੇਕੇ ਅਲਾਟ ਕੀਤੇ ਗਏ ਸਨ। ਜਦੋਂ ਕਿ 5000 ਛੋਟੇ ਠੇਕੇਦਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ।

ਯੂਨੀਅਨ ਨੇ ਕਿਹਾ ਸੀ ਕਿ ਕੋਰੋਨਾ ਦੇ ਸਮੇਂ ਦੌਰਾਨ ਅਚਾਨਕ 2019-20 ਵਿੱਚ ਵਿਭਾਗ ਵੱਲੋਂ ਟੈਂਡਰ ਰੇਟ ਦੁੱਗਣੇ ਕਰ ਦਿੱਤੇ ਗਏ ਸਨ। ਗੁਰਪ੍ਰੀਤ ਸਿੰਘ ਦੀ ਤਰਫੋਂ ਆਸ਼ੂ ਦੀ ਸ਼ਿਕਾਇਤ ਵਿਜੀਲੈਂਸ ਮੁਖੀ ਨੂੰ ਕੀਤੀ ਗਈ ਸੀ, ਜਿਸ ਨੂੰ ਫਿਰ ਲੁਧਿਆਣਾ ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੂੰ ਮਾਰਕ ਕੀਤਾ ਗਿਆ ਸੀ।