Lok Sabha Election 2024 Punjab

ਚੋਣ ਰੈਲੀਆਂ ’ਚ ਸਰਕਾਰੀ ਬੱਸਾਂ ਦੇ ਮਾਮਲੇ ’ਚ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਪੰਜਾਬ ਵਿੱਚ ਸਿਆਸੀ ਰੈਲੀਆਂ ਵਿੱਚ ਸਰਕਾਰੀ ਬੱਸਾਂ ਦੀ ਦੁਰਵਰਤੋਂ ਦੇ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਸਰਕਾਰ ਨੂੰ 21 ਅਗਸਤ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਮਾਨਿਕ ਗੋਇਲ ਦੀ ਤਰਫੋਂ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਵੱਲੋਂ ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ ਤਾਂ ਉਨ੍ਹਾਂ ਵਿੱਚ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਇਸ ਕਾਰਨ ਆਮ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਮਾਮਲੇ ਵਿੱਚ ਪਟੀਸ਼ਨਕਰਤਾ ਵੱਲੋਂ ਮੁੱਖ ਸਕੱਤਰ ਪੰਜਾਬ, ਮੁੱਖ ਚੋਣ ਅਧਿਕਾਰੀ ਪੰਜਾਬ, ਮੁੱਖ ਮੰਤਰੀ ਦੇ ਸਕੱਤਰ, ਟਰਾਂਸਪੋਰਟ ਵਿਭਾਗ ਦੇ ਮੁੱਖ ਸਕੱਤਰ ਅਤੇ ਖ਼ੁਰਾਕ ਤੇ ਸਪਲਾਈ ਵਿਭਾਗ ਨੂੰ ਧਿਰ ਬਣਾਇਆ ਗਿਆ ਹੈ। ਪਟੀਸ਼ਨ ਵਿੱਚ 13 ਸਤੰਬਰ 2023 ਤੋਂ 17 ਦਸੰਬਰ 2023 ਤੱਕ ‘ਆਪ’ ਸਰਕਾਰ ਦੀਆਂ ਰੈਲੀਆਂ ਦਾ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਰੈਲੀਆਂ ਵਿੱਚ 2000 ਤੋਂ ਵੱਧ ਬੱਸਾਂ ਦੀ ਵਰਤੋਂ ਕੀਤੀ ਗਈ ਹੈ। ਮਾਨਿਕ ਗੋਇਲ ਨੇ ਆਪਣੀ ਪਟੀਸ਼ਨ ਵਿੱਚ ਇਸ ਸਬੰਧੀ ਰਿਕਾਰਡ ਵੀ ਪੇਸ਼ ਕੀਤਾ ਹੈ।

ਪਟੀਸ਼ਨਰ ਮਾਨਿਕ ਗੋਇਲ ਵੱਲੋਂ ਇਹ ਪਟੀਸ਼ਨ ਅਜਿਹੇ ਸਮੇਂ ਵਿੱਚ ਦਾਇਰ ਕੀਤੀ ਗਈ ਹੈ ਜਦੋਂ ਸੱਤਾਧਾਰੀ ਧਿਰ ਵੱਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਸਨ। ਇਸ ਦੇ ਨਾਲ ਹੀ ਇਸ ਦੌਰਾਨ ਰੈਲੀਆਂ ਲਈ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਸੀ। ਇਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿੱਚ ਸਰਕਾਰ ਆਮ ਲੋਕਾਂ ਵੱਲ ਧਿਆਨ ਨਹੀਂ ਦਿੰਦੀ।