Punjab

ਹਾਈਕੋਰਟ ਦਾ ਪਾਵਰਕਾਮ ਨੂੰ ਹੁਕਮ, ਕਰੰਟ ਲੱਗਣ ਨਾਲ ਮੌਤ ਹੋਣ ‘ਤੇ ਦਿੱਤਾ ਜਾਵੇਗਾ ਮੁਆਵਜ਼ਾ

High Court order to Powercom, compensation will be given in case of death due to electrocution

ਚੰਡੀਗੜ੍ਹ : ਜੇਕਰ ਕਿਸੇ ਵਿਅਕਤੀ ਦੀ ਮੌਤ ਜਾਂ ਬਿਜਲੀ ਦੇ ਝਟਕੇ ਕਾਰਨ ਕੋਈ ਨੁਕਸਾਨ ਹੁੰਦਾ ਹੈ ਤਾਂ ਮੁਆਵਜ਼ਾ ਦੇਣਾ ਪਵੇਗਾ। ਇਹ ਮੁਆਵਜ਼ਾ ਘਟਨਾ ਤੋਂ ਬਾਅਦ ਲਗਭਗ 30 ਦਿਨਾਂ ਦੇ ਅੰਦਰ ਦੇਣਾ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਹੁਕਮ ਦਿੱਤੇ ਹਨ। ਹਾਲਾਂਕਿ ਅਦਾਲਤ ਨੇ ਕਿਹਾ ਕਿ ਇਹ ਨਿਯਮ ਉਦੋਂ ਹੀ ਲਾਗੂ ਹੋਵੇਗਾ ਜਦੋਂ ਇਸ ਘਟਨਾ ‘ਚ ਬਿਜਲੀ ਵਿਭਾਗ ਦੀ ਲਾਪਰਵਾਹੀ ਸਾਹਮਣੇ ਆਵੇਗੀ।

ਜਲੰਧਰ ‘ਚ ਪਿਛਲੇ ਕੁਝ ਦਿਨਾਂ ‘ਚ ਕਰੰਟ ਲੱਗਣ ਨਾਲ ਹੋਈਆਂ ਮੌਤਾਂ ਦੀ ਗਿਣਤੀ ਵਧਣ ਤੋਂ ਬਾਅਦ ਹਾਈਕੋਰਟ ਦਾ ਇਹ ਫ਼ੈਸਲਾ ਆਇਆ ਹੈ। ਹਾਈਕੋਰਟ ਨੇ ਕਿਹਾ ਕਿ ਕਿਉਂ ਨਾ ਇਸ ਨੀਤੀ ਤਹਿਤ ਹਾਈਕੋਰਟ ‘ਚ ਪੈਂਡਿੰਗ ਮੁਆਵਜ਼ੇ ਸਬੰਧੀ ਪਟੀਸ਼ਨਾਂ ਦਾ ਨਿਪਟਾਰਾ ਕੀਤਾ ਜਾਵੇ। ਪੰਜਾਬ ਸਰਕਾਰ ਨੇ ਇਸ ਦੇ ਜਵਾਬ ਲਈ ਹਾਈਕੋਰਟ ਤੋਂ ਕੁਝ ਸਮਾਂ ਮੰਗਿਆ ਹੈ। ਇਸ ‘ਤੇ ਹਾਈਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ।

ਦੱਸ ਦੇਈਏ ਕਿ ਪਿਛਲੇ 30 ਦਿਨਾਂ ‘ਚ ਜਲੰਧਰ ‘ਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ‘ਚ ਬਿਜਲੀ ਦਾ ਝਟਕਾ ਲੱਗਣ ਨਾਲ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਪਾਵਰਕੌਮ ਦਾ ਕਹਿਣਾ ਸੀ ਕਿ ਉਪਰੋਕਤ ਘਟਨਾਵਾਂ ਵਿੱਚ ਪਾਵਰਕੌਮ ਦਾ ਕੋਈ ਕਸੂਰ ਨਹੀਂ ਹੈ।

ਬਿਜਲੀ ਦੇ ਝਟਕੇ ਕਾਰਨ ਮੁਆਵਜ਼ੇ ਸਬੰਧੀ ਵੱਡੀ ਗਿਣਤੀ ਵਿੱਚ ਪਟੀਸ਼ਨਾਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੈਂਡਿੰਗ ਸਨ ਅਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਨੂੰ ਮੁਆਵਜ਼ੇ ਲਈ ਨੀਤੀ ਬਣਾਉਣ ਦੇ ਹੁਕਮ ਦਿੱਤੇ ਸਨ।

ਦੱਸ ਦੇਈਏ ਕਿ ਸਰਕਾਰੀ ਵਕੀਲ ਤੀਬਰ ਸ਼ਰਮਾ ਨੇ ਪੰਜਾਬ ਦੇ ਅਧਿਕਾਰੀਆਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕੀਤੀ ਸੀ, ਜਿਸ ਵਿੱਚ ਬਹਿਸ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ ਦੇ ਨਾਲ-ਨਾਲ ਲੋਕਾਂ ਲਈ ਮੁਆਵਜ਼ਾ ਰਾਸ਼ੀ ਤੈਅ ਕਰਨ ਦੇ ਹੁਕਮ ਦਿੱਤੇ ਗਏ ਸਨ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਜੇਕਰ ਪਾਵਰਕਾਮ ਜਾਂ ਉਨ੍ਹਾਂ ਦੇ ਕਰਮਚਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਮਾਮਲੇ ‘ਚ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣਾ ਹੋਵੇਗਾ। ਇਸ ਦੇ ਨਾਲ ਹੀ ਜੇਕਰ ਕੋਈ ਆਮ ਵਿਅਕਤੀ ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਕਰੰਟ ਲੱਗ ਜਾਂਦਾ ਹੈ ਅਤੇ ਉਸ ਦੀ ਮੌਤ ਜਾਂ ਜ਼ਖ਼ਮੀ ਹੋ ਜਾਂਦਾ ਹੈ ਤਾਂ ਕਰਮਚਾਰੀ ਮੁਆਵਜ਼ਾ ਐਕਟ ਤਹਿਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ।

ਮੁਆਵਜ਼ੇ ਦੀ ਰਕਮ ਦਾ ਫ਼ੈਸਲਾ ਮ੍ਰਿਤਕ ਦੀ ਉਮਰ ਅਤੇ ਉਸ ਦੀ ਆਮਦਨ ਦੇ ਹਿਸਾਬ ਨਾਲ ਕੀਤਾ ਜਾਵੇਗਾ। ਪਾਵਰਕੌਮ ਨੂੰ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਘਟਨਾ ਦੇ 30 ਦਿਨਾਂ ਦੇ ਅੰਦਰ ਮੁਆਵਜ਼ਾ ਜਾਰੀ ਕਰਨਾ ਹੋਵੇਗਾ।