ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਭੂ ਬਾਰਡਰ ਨੂੰ ਖੁਲ੍ਹਵਾਉਣ ਲਈ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਇਕ ਹਫਤ ਦੇ ਅੰਦਰ-ਅੰਦਰ ਇਸ ਨੂੰ ਖੁੱਲ੍ਹਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ਤੋਂ ਬੈਰੀਕੋਡ ਹਟਾਉਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਹਾਈਰੋਕਟ ਨੇ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਫੈਸਲਾ ਲਿਆ ਹੈ।
ਪਟੀਸ਼ਨਕਰਤਾ ਨੇ ਇਹ ਵੀ ਕਿਹਾ ਹੈ ਕਿ ਜੇਕਰ ਕਿਸਾਨਾਂ ਨੇ ਧਰਨਾ ਦੇਣਾ ਹੈ ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਘਰਾਂ ਅੱਗੇ ਧਰਨਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ। ਉਨ੍ਹਾਂ ਕਿਹਾ ਇਸ ਧਰਨੇ ਨਾਲ ਅੰਬਾਲਾ ਦੇ ਲੋਕਾਂ ਨੂੰ ਕੰਮ ਵਿੱਚ ਦਿੱਕਤ ਆ ਰਹੀ ਸੀ, ਜਿਸ ਕਰਕੇ ਇਸ ਨੂੰ ਖੁਲ੍ਹਵਾਉਣਾ ਬਹੁਤ ਜ਼ਰੂਰੀ ਹੈ।
ਦੱਸ ਦੇਈਏ ਕਿ ਸੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। 13 ਫਰਵਰੀ ਨੂੰ ਕਿਸਾਨ ਆਪਣੀਆਂ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ ਦਿੱਲੀ ਜਾ ਰਹੇ ਸਨ, ਪਰ ਹਰਿਆਣਾ ਸਰਕਾਰ ਨੇ ਪੁਖਤਾ ਪ੍ਰਬੰਧ ਕਰਕੇ ਕਿਸਾਨਾਂ ਨੂੰ ਰੋਕ ਲਿਆ ਸੀ। ਇਸ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਸੰਭੂ ਬਾਰਡਰ ਤੇ ਹੀ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਸੀ।
ਕਿਸਾਨ ਆਗੂ ਨੇ ਕੀਤਾ ਸਵਾਗਤ
ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਸਾਨੂੰ ਅਜੇ ਤੱਕ ਹੁਕਮਾਂ ਦੀ ਕਾਪੀ ਨਹੀਂ ਮਿਲੀ ਪਰ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਅਸੀਂ ਵਾਰ-ਵਾਰ ਪੁੱਛ ਰਹੇ ਹਾਂ ਕਿ ਕਿਸ ਸੰਵਿਧਾਨ ਅਤੇ ਕਾਨੂੰਨ ਤਹਿਤ ਸੜਕਾਂ ‘ਤੇ ਕੰਧਾਂ ਬਣਾਈਆਂ ਗਈਆਂ ਹਨ। ਸਰਕਾਰ ਨੇ ਲੋਕਤੰਤਰ ਦੀ ਅਣਦੇਖੀ ਕਰਕੇ ਇਨ੍ਹਾਂ ਸੜਕਾਂ ਨੂੰ ਬੰਦ ਕਰ ਦਿੱਤਾ ਸੀ। ਇਹ ਰਾਜਧਾਨੀ ਵਿੱਚ ਜਾਣ ਲਈ ਆਮ ਜਨਤਾ, ਕਿਸਾਨਾਂ ਅਤੇ ਵਪਾਰੀਆਂ ਦੀਆਂ ਭਾਵਨਾਵਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਬੈਠਣਾ ਨਹੀਂ ਚਾਹੁੰਦੇ, ਅਸੀਂ ਦਿੱਲੀ ਜਾਣਾ ਚਾਹੁੰਦੇ ਹਾਂ। ਇਸ ਸਬੰਧੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਾਂਗੇ।
ਇਹ ਵੀ ਪੜ੍ਹੋ – ਸੱਪ ਨੇ ਬੰਦੇ ਨੂੰ ਡੰਗਿਆ, ਵਾਪਰੀ ਅਨੋਖੀ ਘਟਨਾ, ਉੱਡ ਗਏ ਸਾਰਿਆਂ ਦੇ ਹੋਸ਼