India

ਹਿੰਡਨਬਰਗ ਕੇਸ ’ਤੇ ਐਕਸ਼ਨ ਮੋਡ ’ਚ ਆਈ ਕਾਂਗਰਸ! 22 ਅਗਸਤ ਨੂੰ ਦੇਸ਼ ਭਰ ’ਚ ਹੋਣਗੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ: ਕਾਂਗਰਸ ਨੇ 22 ਅਗਸਤ ਨੂੰ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (SEBI) ਦੀ ਮੁਖੀ ਮਾਧਵੀ ਬੁਚ ਦੇ ਅਸਤੀਫੇ ਅਤੇ ਅਡਾਨੀ ਨਾਲ ਸਬੰਧਿਤ ਮਾਮਲੇ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ (JPC) ਦੇ ਗਠਨ ਦੀ ਮੰਗ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਹੈ। ਇਸ ਤੋਂ ਪਹਿਲਾਂ ਅੱਜ ਪਾਰਟੀ ਹਾਈਕਮਾਨ ਨੇ ਪਾਰਟੀ ਦੇ ਜਨਰਲ ਸਕੱਤਰਾਂ, ਸੂਬਾ ਇੰਚਾਰਜਾਂ ਅਤੇ ਸੂਬਾ ਇਕਾਈਆਂ ਦੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਅਗਲੇ ਕੁਝ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸੰਗਠਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਇਹ ਮੀਟਿੰਗ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ 24, ਅਕਬਰ ਰੋਡ ਵਿਖੇ ਹੋਈ। ਬੈਠਕ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਜੈਰਾਮ ਰਮੇਸ਼ ਸਮੇਤ ਕਈ ਹੋਰ ਸੀਨੀਅਰ ਨੇਤਾ ਮੌਜੂਦ ਸਨ।

ਮੀਟਿੰਗ ਵਿੱਚ ਸ਼ਾਮਲ ਹੋਏ 56 ਆਗੂ

ਮੀਟਿੰਗ ਤੋਂ ਬਾਅਦ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਅੱਜ ਪਾਰਟੀ ਦੇ ਜਨਰਲ ਸਕੱਤਰਾਂ, ਸੂਬਾ ਇੰਚਾਰਜਾਂ ਅਤੇ ਸੂਬਾ ਪ੍ਰਧਾਨਾਂ ਸਮੇਤ ਕਈ ਪ੍ਰਮੁੱਖ ਪਾਰਟੀ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ। ਇਸ ਅਹਿਮ ਮੀਟਿੰਗ ਵਿੱਚ ਪਾਰਟੀ ਦੇ 56 ਆਗੂਆਂ ਨੇ ਭਾਗ ਲਿਆ। ਇਨ੍ਹਾਂ ਵਿੱਚੋਂ 38 ਆਗੂਆਂ ਨੇ ਕਈ ਅਹਿਮ ਸੁਝਾਅ ਵੀ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਹਿੰਡਨਬਰਗ ਦੀ ਰਿਪੋਰਟ ਵਿੱਚ ਸਾਹਮਣੇ ਆਏ ਅਡਾਨੀ ਅਤੇ ਸੇਬੀ ਨਾਲ ਸਬੰਧਿਤ ਘੁਟਾਲਿਆਂ ਬਾਰੇ ਵੀ ਮੀਟਿੰਗ ਵਿੱਚ ਚਰਚਾ ਕੀਤੀ ਗਈ।

ਹਿੰਡਨਬਰਗ ਰਿਪੋਰਟ ਤੋਂ ਬਾਅਦ ਕੇਂਦਰ ’ਤੇ ਜਾਂਚ ਲਈ ਦਬਾਅ ਬਣਾਉਣ ਦੇ ਸਬੰਧ ’ਚ ਵੇਣੂਗੋਪਾਲ ਨੇ ਕਿਹਾ ਕਿ ਅਸੀਂ ਇਸ ਮਾਮਲੇ ’ਚ 22 ਅਗਸਤ ਨੂੰ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਾਂ। ਇਹ ਦੇਸ਼ ਵਿਆਪੀ ਪ੍ਰਦਰਸ਼ਨ ਸਾਡੀਆਂ ਦੋ ਮੰਗਾਂ ਨੂੰ ਲੈ ਕੇ ਹੋਵੇਗਾ। ਸਾਡੀ ਪਹਿਲੀ ਮੰਗ ਹੈ ਕਿ ਸੇਬੀ ਮੁਖੀ ਮਾਧਵੀ ਬੁੱਚ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਦੂਜੀ ਮੰਗ ਇਹ ਹੈ ਕਿ ਅਡਾਨੀ ਮਾਮਲੇ ਦੀ ਜਾਂਚ ਲਈ ਜੇਪੀਸੀ ਦਾ ਗਠਨ ਕੀਤਾ ਜਾਵੇ। ਕਾਂਗਰਸ ਪ੍ਰਧਾਨ ਖੜਗੇ ਅਤੇ ਰਾਹੁਲ ਗਾਂਧੀ ਪਹਿਲਾਂ ਹੀ ਇਸ ਸਬੰਧੀ ਜੇਪੀਸੀ ਦੇ ਗਠਨ ਦੀ ਮੰਗ ਕਰ ਚੁੱਕੇ ਹਨ।

ਡੂੰਘਾਈ ਨਾਲ ਜਾਂਚ ਲਈ ਜੇਪੀਸੀ ਦਾ ਗਠਨ ਜ਼ਰੂਰੀ: ਖੜਗੇ

ਦੂਜੇ ਪਾਸੇ ਬੈਠਕ ਤੋਂ ਬਾਅਦ ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਕਿ ਸੇਬੀ ਅਤੇ ਅਡਾਨੀ ਦੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਪੂਰੀ ਜਾਂਚ ਦੀ ਲੋੜ ਹੈ। ਸਟਾਕ ਮਾਰਕੀਟ ਵਿੱਚ ਛੋਟੇ ਨਿਵੇਸ਼ਕਾਂ ਦੇ ਨਿਵੇਸ਼ ਨੂੰ ਜੋਖ਼ਮ ਵਿੱਚ ਨਹੀਂ ਪਾਇਆ ਜਾ ਸਕਦਾ। ਕੇਂਦਰ ਦੀ ਮੋਦੀ ਸਰਕਾਰ ਨੂੰ ਤੁਰੰਤ ਸੇਬੀ ਚੇਅਰਮੈਨ ਦੇ ਅਸਤੀਫ਼ੇ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਜੇਪੀਸੀ ਦਾ ਗਠਨ ਕਰਨਾ ਚਾਹੀਦਾ ਹੈ। ਖੜਗੇ ਨੇ ਇਲਜ਼ਾਮ ਲਾਇਆ ਕਿ ਸੰਵਿਧਾਨ ’ਤੇ ਹਮਲਾ ਅਜੇ ਵੀ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਤੀ ਜਨਗਣਨਾ ਲੋਕਾਂ ਦੀ ਮੰਗ ਹੈ।