‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਮੂਹ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ 1 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ ਪਿਛਲੇ ਦਿਨੀਂ ਮੁਲਾਕਾਤ ਵੀ ਕੀਤੀ ਸੀ, ਜਿਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਤਾਬਦੀ ਸਮਾਗਮਾਂ ਬਾਰੇ ਚਰਚਾ ਕੀਤੀ ਗਈ ਸੀ।
ਹਾਲਾਂਕਿ, ਕੈਪਟਨ ਵੱਲੋਂ ਪੰਜਾਬ ਵਿੱਚ ਸ਼ਨੀਵਾਰ ਅਤੇ ਐਤਵਾਰ ਮੁਕੰਮਲ ਤੌਰ ‘ਤੇ ਲਾਕਡਾਊਨ ਲਗਾਇਆ ਜਾ ਰਿਹਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਸ਼ਰਧਾਲੂ ਪ੍ਰੋਗਰਾਮਾਂ ਵਿੱਚ ਆ ਸਕਦੇ ਹਨ, ਸਿਰਫ ਉਹੀ ਆਉਣ, ਬਾਕੀ ਸ਼ਰਧਾਲੂ ਆਪਣੇ ਘਰਾਂ ਵਿੱਚ ਪ੍ਰੋਗਰਾਮਾਂ ਦਾ ਸਿੱਧਾ ਪ੍ਰਸਾਰਣ ਵੇਖਣ।