India

ਹਰਿਆਣਾ ਦੇ 10 ਜ਼ਿਲ੍ਹਿਆਂ ‘ਚ ਸਕੂਲਾਂ ‘ਚ ਛੁੱਟੀ,11 ਥਾਵਾਂ ‘ਤੇ ਹੀਟ ਵੇਵ ਦਾ ਰੈੱਡ ਅਲਰਟ

ਹਰਿਆਣਾ ਵਿੱਚ ਕੜਾਕੇ ਦੀ ਗਰਮੀ ਦੇ ਵਿਚਕਾਰ 10 ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਰਨਾਲ, ਕੈਥਲ ਅਤੇ ਰੇਵਾੜੀ ਵਿੱਚ 5ਵੀਂ ਜਮਾਤ ਤੱਕ, ਹਿਸਾਰ, ਕੁਰੂਕਸ਼ੇਤਰ, ਸਿਰਸਾ, ਜੀਂਦ, ਸੋਨੀਪਤ ਅਤੇ ਨੂਹ ਵਿੱਚ ਅੱਠਵੀਂ ਜਮਾਤ ਤੱਕ ਅਤੇ ਚਰਖੀ ਦਾਦਰੀ ਵਿੱਚ 24 ਮਈ ਤੱਕ ਸਾਰੇ ਸਕੂਲ ਬੰਦ ਰਹਿਣਗੇ।

ਵਧਦੀ ਗਰਮੀ ਦੇ ਮੱਦੇਨਜ਼ਰ ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਅੱਤ ਦੀ ਗਰਮੀ ਕਾਰਨ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਦੂਜੇ ਪਾਸੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ 23 ਮਈ ਤੱਕ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਸਿਰਸਾ, ਫਤੇਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਇਨ੍ਹਾਂ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਝੱਜਰ, ਰੋਹਤਕ, ਸੋਨੀਪਤ, ਪਾਣੀਪਤ ਅਤੇ ਜੀਂਦ ਸ਼ਾਮਲ ਹਨ।

ਚੰਡੀਗੜ੍ਹ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 44.0 ਡਿਗਰੀ ਨੂੰ ਪਾਰ ਕਰ ਗਿਆ ਹੈ। 24 ਘੰਟਿਆਂ ‘ਚ ਦਿਨ ਦੇ ਤਾਪਮਾਨ ‘ਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਇੱਕ-ਦੋ ਦਿਨਾਂ ਵਿੱਚ ਇੱਥੇ ਤਾਪਮਾਨ 45 ਨੂੰ ਪਾਰ ਕਰ ਜਾਵੇਗਾ।

ਕਹਿਰ ਦੀ ਗਰਮੀ ਦੇ ਮੱਦੇਨਜ਼ਰ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਪੰਜਾਬ ਵਿੱਚ 20 ਮਈ ਤੋਂ 31 ਮਈ ਤੱਕ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ।

ਹਰਿਆਣਾ ਵਿੱਚ ਵੀ ਸਕੂਲ ਸਵੇਰੇ 7 ਵਜੇ ਖੁੱਲ੍ਹਣਗੇ ਅਤੇ ਦੁਪਹਿਰ 12 ਵਜੇ ਬੰਦ ਹੋਣਗੇ। ਚੰਡੀਗੜ੍ਹ ਨੇ ਵੀ ਇੱਕ ਐਡਵਾਈਜ਼ਰੀ ਜਾਰੀ ਕਰਕੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ। ਸਕੂਲ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਹੀ ਖੁੱਲ੍ਹਣਗੇ।

 

ਇਹ ਵੀ ਪੜ੍ਹੋ – ਗਰਮੀ ਤੋਂ ਲੋਕ ਬੇਹਾਲ, ਰੈੱਡ ਅਲਰਟ ਜਾਰੀ, ਤਾਪਮਾਨ 48 ਡਿਗਰੀ ਨੂੰ ਪਾਰ ਕਰੇਗਾ