Punjab

ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ , ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ…

Holidays extended in schools of Punjab, holidays of police personnel canceled...

ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਪਈ ਹੋਈ ਹੈ। ਵੱਡੀ ਗਿਣਤੀ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 16 ਜੁਲਾਈ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਕੀਤੀਆਂ ਸਨ, ਪਰ ਹੁਣ ਇਨ੍ਹਾਂ ਨੂੰ ਅੱਗੇ ਹੋਰ ਵਧਾ ਦਿੱਤਾ ਗਿਆ ਹੈ।

ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ‘ਚ ਹੜ੍ਹ ਦੇ ਖ਼ਤਰੇ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਫਾਜ਼ਿਲਕਾ ਪੁਲਿਸ ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਤਾਇਨਾਤ ਰਹਿਣ ਲਈ ਕਿਹਾ ਹੈ। ਫਾਜ਼ਿਲਕਾ ਦੀ ਐਸਐਸਪੀ ਅਵਨੀਤ ਕੌਰ ਸਿੱਧੂ ਖੁਦ ਸਰਹੱਦੀ ਪਿੰਡ ਵਿੱਚ ਦੇਰ ਸ਼ਾਮ ਤੱਕ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਐਸਐਸਪੀ ਵੱਲੋਂ ਜ਼ੀਰੋ ਲਾਈਨ ਤੱਕ ਸੁਰੱਖਿਆ ਦੀ ਜਾਂਚ ਕੀਤੀ ਜਾ ਰਹੀ ਹੈ।

ਐਸਐਸਪੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜਦੋਂ ਤੋਂ ਇਹ ਸਥਿਤੀ ਬਣੀ ਹੈ, ਉਦੋਂ ਤੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਬੀਐਸਐਫ ਨਾਲ ਤਾਲਮੇਲ ਵਿੱਚ ਕੰਮ ਕਰ ਰਿਹਾ ਹੈ। ਜਿਸ ਸਬੰਧੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਥਿਤੀ ਪੈਦਾ ਹੋਵੇ, ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਅਤੇ ਤਿਆਰ ਹੈ

ਦੂਜੇ ਪਾਸੇ ਚੰਡੀਗੜ੍ਹ ਦਾ ਬਰਡ ਪਾਰਕ ਵੀ ਆਰਜ਼ੀ ਤੌਰ ‘ਤੇ ਬੰਦ ਕੀਤਾ ਗਿਆ ਹੈ। ਮੀਂਹ ਦੀ ਵਜ੍ਹਾ ਕਰਕੇ ਬਰਡ ਪਾਰਕ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ, ਜਿਸਦੀ ਹੁਣ ਮੁਰੰਮਤ ਕੀਤੀ ਜਾਵੇਗੀ। ਇਸ ਕਰਕੇ ਸੈਲਾਨੀਆਂ ਲਈ ਬਰਡ ਪਾਰਤ ਮੁਰੰਮਤ ਹੋਣ ਤੱਕ 12 ਜੁਲਾਈ ਤੋਂ 16 ਜੁਲਾਈ ਤੱਕ ਬਰਡ ਪਾਰਕ ਬੰਦ ਰਹੇਗੀ।

ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ 11 ਜ਼ਿਲ੍ਹੇ ਆਏ ਹਨ, ਜਿਨ੍ਹਾਂ ਵਿੱਚੋਂ 5 ਜਿਲ੍ਹਿਆਂ ਵਿੱਚ ਪਾਣੀ ਨੇ ਜ਼ਿਆਦਾ ਨੁਕਸਾਨ ਕੀਤਾ ਹੈ। ਹਾਲਾਂਕਿ, ਸੂਬਾ ਸਰਕਾਰ ਦਾ ਕਹਿਣਾ ਹੈ ਕਿ 14000 ਤੋਂ ਵੱਧ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।

ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਲਈ ਐੱਨਡੀਆਰਐੱਫ ਦੀਆਂ 14 ਟੀਮਾਂ ਅਤੇ ਐੱਸਡੀਆਰਐੱਫ ਦੀਆਂ 2 ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜੀਆਂ ਹਨ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੋਹਾਲੀ, ਰੂਪਨਗਰ, ਪਟਿਆਲਾ, ਜਲੰਧਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਮੋਗਾ, ਕਪੂਰਥਲਾ, ਸੰਗਰੂਰ, ਤਰਨਤਾਰਨ ਅਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਿਲ ਹਨ।

ਜਲੰਧਰ ਤੇ ਕਪੂਰਥਲਾ ਦੇ ਕੁਝ ਪਿੰਡਾਂ ਸਮੇਤ ਰੂਪਨਗਰ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸ਼ਾਮਲ ਹਨ। ਪੰਜਾਬ ਦੇ ਮਾਲ ਵਿਭਾਗ ਨੇ ਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।