‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਉਤਸ਼ਾਹ ਅਤੇ ਸ਼ਰਧਾ ਦੇ ਨਾਲ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਮਨਮੋਹਕ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਪੂਰਾ ਅਨੰਦਪੁਰ ਸ਼ਹਿਰ ਫੁੱਲਾਂ ਦੀ ਖੁਸ਼ਬੂ ਨਾਲ ਮਹਿਕ ਉੱਠਿਆ ਹੈ ਅਤੇ ਸੰਗਤਾਂ ਬਹੁਤ ਪਿਆਰ, ਸਤਿਕਾਰ ਅਤੇ ਸ਼ਰਧਾ ਨਾਲ ਨਤਮਸਤਕ ਹੋ ਰਹੀਆਂ ਹਨ। ਪਿਛਲੀ ਵਾਰ ਕਰੋਨਾ ਮਹਾਂਮਾਰੀ ਕਰਕੇ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ ਸਨ ਅਤੇ ਕਿਸਾਨੀ ਅੰਦੋਲਨ ਕਰਕੇ ਵੀ ਬਹੁਤ ਸਾਰੇ ਲੋਕ ਦਿੱਲੀ ਦੀਆਂ ਬਰੂਹਾਂ ਉੱਤੇ ਆਪਣੇ ਸੰਘਰਸ਼ ਦੀ ਲੜਾਈ ਲੜ ਰਹੇ ਸਨ। ਪਰ ਇਸ ਵਾਰ ਸੰਗਤਾਂ ਦਾ ਪਹਿਲਾਂ ਨਾਲੋਂ ਜ਼ਿਆਦਾ ਇਕੱਠ ਹੋਇਆ ਹੈ।
ਹੋਲਾ ਮਹੱਲਾ ਦੋ ਪੜਾਵਾਂ ਵਿੱਚ ਮਨਾਇਆ ਜਾਂਦਾ ਹੈ। ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ ਹੁੰਦਾ ਹੈ ਅਤੇ ਦੂਜੇ ਪੜਾਅ ਮੌਕੇ ਸੰਗਤ ਸ੍ਰੀ ਆਨੰਦਪੁਰ ਸਾਹਿਬ ਪੁੱਜਦੀ ਹੈ। ਕੀਰਤਪੁਰ ਸਾਹਿਬ ਵਿੱਚ 16 ਮਾਰਚ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਜਿਸ ਦੇ ਨਾਲ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸੰਪੂਰਨਤਾ ਹੋਵੇਗੀ। 17 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਬਾਕੀ ਦੇ ਗੁਰੂ ਘਰਾਂ ਵਿੱਚ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 19 ਮਾਰਚ ਨੂੰ ਪਾਏ ਜਾਣਗੇ। ਇਹ ਦਿਨ ਹੋਲੇ-ਮਹੱਲੇ ਦਾ ਸਭ ਤੋਂ ਮਹੱਤਵਪੂਰਨ ਦਿਨ ਹੁੰਦਾ ਹੈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਿਹੰਗ ਸਿੰਘ ਫੌਜਾਂ ਵੱਲੋਂ ਮਹੱਲਾ ਕੱਢਿਆ ਜਾਂਦਾ ਹੈ। ਮਹੱਲੇ ਵਾਲੇ ਦਿਨ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਪੁਰਾਤਨ ਸ਼ਸਤਰਾਂ ਦੇ ਨਾਲ ਘੋੜਿਆਂ-ਹਾਥੀਆਂ ’ਤੇ ਸਵਾਰ ਹੋ ਕੇ ਚਰਨ ਗੰਗਾ ਸਟੇਡੀਅਮ ਵਿੱਚ ਪਹੁੰਚਦੀਆਂ ਹਨ, ਜਿੱਥੇ ਉਨ੍ਹਾਂ ਵੱਲੋਂ ਕਰਤੱਬ ਦਿਖਾਏ ਜਾਂਦੇ ਹਨ।