‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿੱਚੋਂ ਗਾਇਬ ਹੋਏ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਸਤਿਕਾਰ ਕਮੇਟੀਆਂ ਤੇ ਹੋਰਨਾਂ ਵੱਲੋਂ ਭਲਕੇ 14 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਾ ਕੇ ਇਸ ਸਬੰਧੀ ਰੋਸ ਦਰਜ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਤੇ ਪੁਲੀਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ।
ਸਿੱਖ ਜਥੇਬੰਦੀਆਂ ਨੇ 13 ਸਤੰਬਰ ਦੀ ਮੀਟਿੰਗ ਮਗਰੋਂ ਫੈਸਲਾ ਕੀਤਾ ਸੀ ਕਿ ਉਹ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕੱਠ ਕਰਨਗੇ ਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਅਗਲੀ ਰਣਨੀਤੀ ਦਾ ਐਲਾਨ ਕਰਨਗੇ, ਅਤੇ ਇਹ ਜਥੇਬੰਦੀਆਂ ਭਲਕੇ 14 ਸਤੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੁੱਜਣ ਲਈ ਬਜ਼ਿੱਦ ਹਨ। ਇਸ ਸਬੰਧੀ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਆਖਿਆ ਕਿ ਉਹ ਭਲਕੇ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਜਾਣਗੇ। ਜੇਕਰ ਰੋਕਣ ਦਾ ਯਤਨ ਕੀਤਾ ਗਿਆ ਤਾਂ ਉੱਥੇ ਹੀ ਬੈਠ ਜਾਣਗੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੱਸੇ ਕਿ ਸਰੂਪ ਕਿਥੇ ਗਏ ਹਨ? ਸਿੱਖ ਜਗਤ ਇਸ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੁਰਬਾਣੀ ਦੇ ਸਤਿਕਾਰ ਨਾਲ ਜੁੜਿਆ ਹੈ ਅਤੇ ਸਿੱਖ ਜਥੇਬੰਦੀਆਂ ਇਸ ਸਤਿਕਾਰ ਨੂੰ ਕਾਇਮ ਰੱਖਣ ਲਈ ਬਜ਼ਿੱਦ ਹਨ।
ਦੂਜੇ ਪਾਸੇ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ ਅਤੇ ਇਸ ਦੀ ਮਰਿਆਦਾ ਹੈ। ਇਥੇ ਵਿਰੋਧ ਪ੍ਰਦਰਸ਼ਨਾਂ ਦੀ ਆਗਿਆ ਨਹੀਂ ਹੈ। ਕੋਈ ਵੀ ਮਾਮਲਾ ਆਪਸੀ ਗੱਲਬਾਤ ਨਾਲ ਵੀ ਹੱਲ ਕੀਤਾ ਜਾ ਸਕਦਾ ਹੈ। ਵੇਰਵਿਆਂ ਮੁਤਾਬਕ ਲੌਂਗੋਵਾਲ ਨੇ ਕੱਲ੍ਹ ਐਂਤਵਾਰ ਹੋਣ ਦੇ ਬਾਵਜੂਦ ਦਫ਼ਤਰ ਦਾ ਦੌਰਾ ਕੀਤਾ ਅਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਸਮੀਖਿਆ ਵੀ ਕੀਤੀ। ਇਸ ਦੌਰਾਨ ਪੁਲੀਸ ਦੇ DCP ਨੇ ਵੀ ਪ੍ਰਬੰਧਾਂ ਸਬੰਧੀ ਜਾਇਜ਼ੇ ਲਈ ਦੌਰਾ ਕੀਤਾ। ਉਨ੍ਹਾਂ ਨੇ ਸਕੱਤਰ ਤੇ ਹੋਰਨਾਂ ਨਾਲ ਮੁਲਾਕਾਤ ਵੀ ਕੀਤੀ।