‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ 17 ਦਸੰਬਰ ਨੂੰ ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ, ਨਿਰਮਲਾ ਸੀਤਾਰਮਨ ਅਤੇ ਪਿਊਸ਼ ਗੋਇਲ ਨਾਲ ਮੀਟਿੰਗ ਕੀਤੀ ਹੈ।
ਇੱਕ ਘੰਟੇ ਤੋਂ ਵੱਧ ਸਮਾਂ ਚੱਲੀ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਜਨਰਲ ਸਕੱਤਰ ਸੀ.ਟੀ. ਰਵੀ, ਦੁਸ਼ਯੰਤ ਗੌਤਮ ਅਤੇ ਅਰੁਣ ਸਿੰਘ ਵੀ ਸ਼ਾਮਲ ਹੋਏ। ਸੂਤਰਾਂ ਦੀ ਜਾਣਕਾਰੀ ਮੁਤਾਬਕ ਮੀਟਿੰਗ ਦੌਰਾਨ ਸ਼ਾਹ ਨੇ ਖੇਤੀ ਕਾਨੂੰਨਾਂ ਸਬੰਧੀ ਸ਼ੰਕੇ ਦੂਰ ਕਰਨ ਸਬੰਧੀ ਭਾਜਪਾ ਵੱਲੋਂ ਦੇਸ਼ ਭਰ ’ਚ ਕੀਤੀਆਂ ਜਾਣ ਵਾਲੀਆਂ ਪ੍ਰੈੱਸ ਕਾਨਫਰੰਸਾਂ, ‘ਚੌਪਾਲ’ ਜਾਂ ਖੁੱਲ੍ਹੀਆਂ ਮੀਟਿੰਗਾਂ ਸਬੰਧੀ ਪ੍ਰੋਗਰਾਮਾਂ ਦੀਆਂ ਤਿਆਰੀਆਂ ਸਬੰਧੀ ਨਜ਼ਰਸਾਨੀ ਕੀਤੀ, ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਾਂ ਦੇ ਚੱਲਦਿਆਂ ਭਾਜਪਾ ਵੱਲੋਂ ਦੇਸ਼ ਭਰ ’ਚ 700 ਪ੍ਰੈਸ ਕਾਨਫਰੰਸਾਂ ਅਤੇ 700 ‘ਚੌਪਾਲ’ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ।