‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਦੇ ਫੈਸਲੇ ਉੱਤੇ ਕੁਰੂਕਸ਼ੇਤਰ ਵਿੱਚ ਸਥਿਤ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਸਾਰੇ ਹਰਿਆਣਾ ਵਾਸੀਆਂ ਨੂੰ ਵਧਾਈ ਦਿੱਤੀ। ਕਮੇਟੀ ਦੇ ਚੁਣੇ ਗਏ ਮੈਂਬਰ ਭੁਪਿੰਦਰ ਸਿੰਘ ਨੇ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਉੱਤੇ ਖੂਬ ਨਿਸ਼ਾਨੇ ਕਸੇ। ਭੁਪਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮੂੰਹ ਦੀ ਖਾਣੀ ਪਈ ਹੈ। ਹੁਣ ਹਰਿਆਣਾ ਦੇ ਗੁਰਦੁਆਰਿਆਂ ਦੇ ਹੱਕਦਾਰ ਹਰਿਆਣੇ ਦੇ ਸਿੱਖ ਹੋਣਗੇ, ਹਰਿਆਣਾ ਦੇ ਸਿੱਖ ਨੌਜਵਾਨ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਨਗੇ। ਉਨ੍ਹਾਂ ਨੇ ਜਲਦ ਹੀ ਹਰਿਆਣਾ ਵਿੱਚ ਹਲਕਾਬੰਦੀ ਨਾਲ ਚੋਣਾਂ ਹੋਣ ਦਾ ਦਾਅਵਾ ਕੀਤਾ।
ਕਾਨਫਰੰਸ ਵਿੱਚ ਮੌਜੂਦ ਕਮਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਲੰਬੀ ਜੱਦੋਜਹਿਦ ਤੋਂ ਬਾਅਦ ਜਿੱਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਹੀ ਵਿਅਕਤੀ ਸਾਰੇ ਗੁਰਦੁਆਰਿਆਂ ਦਾ ਸੰਚਾਲਨ ਕਰ ਰਿਹਾ ਸੀ। ਉਸਦੇ ਹੁਕਮ ਤੋਂ ਬਿਨਾਂ ਕੋਈ ਵੀ ਕੰਮ ਨਹੀਂ ਸੀ ਹੁੰਦਾ। ਹਰਿਆਣਾ ਦੇ ਗੁਰਦੁਆਰਿਆਂ ਦਾ ਪੈਸਾ ਹੁਣ ਹਰਿਆਣਾ ਵਿੱਚ ਹੀ ਖਰਚ ਹੋਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਹਰਿਆਣਾ ਦੇ ਸਿੱਖਾਂ ਨੂੰ ਹਮੇਸ਼ਾ ਅਣਗੌਲਿਆ ਗਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਦਾ ਵੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਭੁਗਤਣ ਉੱਤੇ ਧੰਨਵਾਦ ਕੀਤਾ।
ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹਰਿਆਣਾ ਦੇ ਗੁਰਦੁਆਰਿਆਂ ਦਾ ਮੈਨੇਜਮੈਂਟ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਹੀ ਕਰੇਗੀ। ਕੋਰਟ ਨੇ ਹਰਿਆਣਾ ਕਮੇਟੀ ਨੂੰ ਚੁਣੌਤੀ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPV) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਦੀ ਮਾਨਤਾ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ।