ਜ਼ਿਲ੍ਹਾ ਪਟਿਆਲਾ ਜ਼ਿਲ੍ਹੇ ਦੇ ਬਲਾਕ ਪਾਤੜਾਂ ਤੋਂ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੋਵਾਂ ਦੀ ਮੌਤ ਹੋ ਗਈ। ਹਾਦਸਾ ਬਲਾਕ ਪਾਤੜਾਂ ਦੇ ਪਿੰਡ ਪੈਂਦ ਕੋਲ ਵਾਪਰਿਆ ਜਦੋਂ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਦੋਵੇਂ ਪਤੀ-ਪਤਨੀ ਮੋਟਰਸਾਈਕਲ ’ਤੇ ਸਵਾਰ ਸਨ।
ਮ੍ਰਿਤਕਾਂ ਦੀ ਪਛਾਣ ਬਲਵਿੰਦਰ ਸਿੰਘ (60) ਅਤੇ ਅਮਰਜੀਤ ਕੌਰ (55) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਥਾਣਾ ਪਾਤੜਾਂ ਆਪਣੀ ਪਤਨੀ ਅਮਰਜੀਤ ਕੌਰ ਨਾਲ ਮੋਟਰਸਾਈਕਲ ‘ਤੇ ਪਾਤੜਾਂ-ਨਰਵਾਣਾ ਹਾਈਵੇ ‘ਤੇ ਪਿੰਡ ਪੈਂਦ ਦੇ ਬੱਸ ਅੱਡੇ ਨਜ਼ਦੀਕ ਜਾ ਰਿਹਾ ਸੀ, ਜਿੱਥੇ ਇੱਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿੱਚ ਦੋਵੇਂ ਪਤੀ-ਪਤਨੀ ਜ਼ਖ਼ਮੀ ਹੋਏ ਸਨ। ਇਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪਰ ਉੱਥੇ ਦੋਵਾਂ ਨੇ ਦਮ ਤੋੜ ਦਿੱਤਾ। ਛਾਣਾ ਸ਼ੁਤਰਾਣਾ ਦੇ ਇੰਚਾਰਜ ਲੈ ਪ੍ਰਸ਼ੋਤਮ ਸ਼ਰਮਾ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।