‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਰੋਨਾ ਮਹਾਂਮਾਰੀ ਨੂੰ ਕਿਸਾਨ ਅੰਦੋਲਨ ਨਾਲ ਜੋੜਨ ਵਾਲੇ ਬਿਆਨਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ‘ਜੇ ਕਰੋਨਾ ਬਿਮਾਰੀ ਹੈ ਤਾਂ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਸ਼ਾਂਤੀ ਨਾਲ ਬੈਠੇ ਹਨ ਅਤੇ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਉਹ ਵਾਪਸ ਨਹੀਂ ਜਾਣਗੇ। ਸਰਕਾਰ ਉਨ੍ਹਾਂ ਦੇ ਮਸਲੇ ਦਾ ਹੱਲ ਜਲਦੀ ਕਰੇ’।
ਦਰਅਸਲ, ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੇ ਫੈਲਾਅ ਲਈ ਕਿਸਾਨ ਅੰਦੋਲਨ ਨੂੰ ਲਗਾਤਾਰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਹਰਿਆਣਾ ਸਰਕਾਰ ਨੇ ਤਾਂ ਇਸ ਵਾਰ ਬਿਆਨ ਜਾਰੀ ਕਰਨ ਦੇ ਨਾਲ-ਨਾਲ ਇੱਕ ਰਿਪੋਰਟ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਕਰੋਨਾ ਕਰਕੇ ਹੋਈਆਂ ਮੌਤਾਂ ਦੇ ਅੰਕੜਿਆਂ ਬਾਰੇ ਦੱਸਿਆ ਗਿਆ ਹੈ। ਹਾਲਾਂਕਿ, ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਵਿੱਚ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਹਰ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਹਰ ਰੋਜ਼ ਕਾੜਾ ਪਿਆਇਆ ਜਾਂਦਾ ਹੈ, ਉਨ੍ਹਾਂ ਨੂੰ ਵਿਟਾਮਿਨ ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਹਨ।
ਕਿਸਾਨਾਂ ਨੇ ਕਿਹਾ ਕਿ ਸਰਕਾਰ ਨਾਲੋਂ ਵੱਧ ਪ੍ਰਬੰਧ ਉਨ੍ਹਾਂ ਨੇ ਕਿਸਾਨ ਮੋਰਚਿਆਂ ‘ਤੇ ਕੀਤੇ ਹੋਏ ਹਨ। ਕਿਸਾਨਾਂ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਨਾਲੋਂ ਜ਼ਿਆਦਾ ਸਫਾਈ ਕਿਸਾਨ ਅੰਦੋਲਨ ‘ਤੇ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਅੱਜ ਤੱਕ ਇੱਕ ਵੀ ਕਿਸਾਨ ਦੀ ਮੌਤ ਕਰੋਨਾ ਕਰਕੇ ਨਹੀਂ ਹੋਈ ਹੈ।