‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਬਾਰ ਮੈਂਬਰ ਬਣੇ ਹਨ। ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਿਨ ਧੰਦ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਉਹ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਮੈਂਬਰ ਬਣੇ ਹਨ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਨ੍ਹਾਂ ਦੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਮਗਰੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਵਕਾਲਤ ਲੜਨ ਦਾ ਫੈਸਲਾ ਕੀਤਾ। ਉਨ੍ਹਾਂ ਨੇ 23 ਅਪ੍ਰੈਲ ਨੂੰ ਰਸਮੀ ਤੌਰ ’ਤੇ ਬਾਰ ਕੌਂਸਲ ਚੰਡੀਗੜ੍ਹ ਕੋਲੋਂ ਵਕਾਲਤ ਲਈ ਬਕਾਇਦਾ ਸਰਟੀਫਿਕੇਟ ਪ੍ਰਾਪਤ ਕਰ ਲਿਆ ਸੀ। ਵਕੀਲ ਦਾ ਲਾਇਸੈਂਸ ਲੈਣ ਨਾਲ ਹੁਣ ਉਨ੍ਹਾਂ ਦੇ ਵਕਾਲਤ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਹ ਬੇਅਦਬੀ ਮਾਮਲਿਆਂ ’ਚ ਬਤੌਰ ਵਕੀਲ ਸਰਕਾਰ ਦੀ ਮਦਦ ਕਰਨਗੇ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੂੰ ਫੋਨ ਕਰਕੇ ਕਿਹਾ ਵੀ ਸੀ ਕਿ ਜੇਕਰ ਉਹ ਹੁਣ ਇਸ ਮਾਮਲੇ ਵਿੱਚ ਚੁੱਪ ਨਾ ਕੀਤੇ ਤਾਂ ਉਹ ਉਨ੍ਹਾਂ ਦੇ ਬਾਰੇ ਹੋਰ ਵੀ ਕਈ ਖੁਲਾਸਿਆਂ ਦਾ ਪਰਦਾਫਾਸ਼ ਕਰ ਦੇਣਗੇ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੂਲਕਾ ਨੂੰ ਆਪਣੇ ਅਸਤੀਫੇ ਲਈ ਸਭ ਤੋਂ ਪਹਿਲਾ ਵਿਅਕਤੀ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਫੂਲਕਾ ਨੂੰ ਇਸ ਮਾਮਲੇ ਦੀ ਪੈਰਵਾਈ ਕਰਨ ਲਈ ਕਿਹਾ ਸੀ ਪਰ ਫੂਲਕਾ ਨੇ ਪੈਰਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ ਅਤੇ ਆਪਣੀ ਜਗ੍ਹਾ ‘ਤੇ ਕਿਸੇ ਹੋਰ ਵਕੀਲ ਨੂੰ ਇਸ ਮਾਮਲੇ ਦੀ ਪੈਰਵਾਈ ਕਰਨ ਲਈ ਭੇਜ ਦਿੱਤਾ ਸੀ, ਜੋ ਕਿ ਦੋਸ਼ੀਆਂ ਦੇ ਹੱਕ ਵਿੱਚ ਹੀ ਭੁਗਤ ਗਿਆ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਜਾਂਚ ਲਈ ਨਵੀਂ ਐੱਸਆਈਟੀ ਦਾ ਗਠਨ ਕਰਨ ਲਈ ਕਿਹਾ ਸੀ ਅਤੇ ਉਸ ਵਿੱਚ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ਾਮਿਲ ਨਾ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫਾ ਭੇਜ ਦਿੱਤਾ, ਜੋ ਕਿ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ। ਹਾਲਾਂਕਿ, ਕੈਪਟਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਸਤੀਫਾ ਨਾ ਦੇਣ ਲਈ ਬਹੁਤ ਮਨਾਇਆ ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਅਸਤੀਫਾ ਦੇਣ ‘ਤੇ ਅੜੇ ਰਹੇ।