ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ‘ਮੇਰੀ ਰਸੋਈ’ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਦਾ ਲਾਭ ਪੰਜਾਬ ਦੇ ਲਗਭਗ 40 ਲੱਖ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਮਿਲੇਗਾ। ਇਸ ਸਕੀਮ ਅਧੀਨ ਨੀਲੇ ਕਾਰਡ ਵਾਲੇ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ-ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਫੂਡ ਕਿੱਟ ਵਿੱਚ ਕਣਕ ਦੇ ਨਾਲ 2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਨਾਜ ਭੰਡਾਰ ਹੈ ਅਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ, ਇਸ ਲਈ ਇਹ ਸਕੀਮ ਲੋਕਾਂ ਦੀ ਰੋਜ਼ਾਨਾ ਰਸੋਈ ਨੂੰ ਸਹਿਯੋਗ ਦੇਵੇਗੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਵਿੱਚ ਬਜਟ ਸੈਸ਼ਨ ਦੀਆਂ ਤਾਰੀਖਾਂ ਵੀ ਐਲਾਨ ਕੀਤੀਆਂ। ਬਜਟ ਸੈਸ਼ਨ 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ ਅਤੇ ਪੰਜਾਬ ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਬਜਟ ਪੂਰੀ ਤਰ੍ਹਾਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਵੇਗਾ।

