Punjab

ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਸਕੂਲ ਫ਼ੀਸ ਵਾਧੇ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਲਿਆਂਦਾ ਆਰਡੀਨੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਨਿੱਜੀ ਸਕੂਲਾਂ ਵੱਲੋਂ ਫੀਸ ਵਾਧੇ ਨੂੰ ਰੋਕਣ ਲਈ ਇੱਕ ਅਹਿਮ ਆਰਡੀਨੈਂਸ ਲਿਆਂਦਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਫੈਸਲੇ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਸਰਕਾਰ ਵੱਲੋਂ ਲਿਆਂਦੇ ਗਏ ਇਸ ਆਰਡੀਨੈਂਸ ਅਨੁਸਾਰ ਹੁਣ ਨਿੱਜੀ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦਾ ਅਧਿਕਾਰ ਨਹੀਂ ਰੱਖਦੇ। ਇਸ ਫੈਸਲੇ ਨਾਲ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਅਤੇ ਬੱਚਿਆਂ ਨਾਲ ਕੀਤੀ ਜਾ ਰਹੀ ਲੁੱਟ ਉੱਤੇ ਰੋਕ ਲੱਗੇਗੀ। ਕੈਬਨਿਟ ਨੇ ਸਾਲਾਨਾ 5 ਫੀਸਦੀ ਫੀਸ ਵਾਧੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਆਰਡੀਨੈਂਸ ਨੂੰ ਤੁਰੰਤ ਅੰਤਿਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾ ਰਿਹਾ ਹੈ। ਆਰਡੀਨੈਂਸ ਜਾਰੀ ਹੋਣ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਜਿਨ੍ਹਾਂ ਸਕੂਲਾਂ ਨੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਵਾਧੂ ਵਸੂਲ ਕੀਤੀ ਫੀਸ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਇਸ ਲਈ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਮਨਮਾਨੀ ਫੀਸ ਵਾਧਾ ਕਰਨ ਵਾਲੇ ਸ਼ੱਕੀ ਸਕੂਲਾਂ ਦਾ ਰਿਕਾਰਡ ਅੱਜ ਤੋਂ ਹੀ ਸੀਜ਼ ਕੀਤਾ ਜਾ ਰਿਹਾ ਹੈ ਤਾਂ ਜੋ ਮਾਪਿਆਂ ਦਾ ਸੋਸ਼ਣ ਤੁਰੰਤ ਖਤਮ ਹੋ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਇਸ ਆਰਡੀਨੈਂਸ ਤੋਂ ਬਾਅਦ ਵੀ ਜੇਕਰ ਕੋਈ ਸਕੂਲ ਨਿਯਮ ਤੋੜਦਾ ਹੈ ਤਾਂ ਉਸ ਖਿਲਾਫ ਤੁਰੰਤ ਅਤੇ ਸਖ਼ਤ ਐਕਸ਼ਨ ਲਿਆ ਜਾਵੇਗਾ। ਇਸ ਫੈਸਲੇ ਨਾਲ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਵਧੇਗੀ ਅਤੇ ਬੱਚਿਆਂ ਦੀ ਸਿੱਖਿਆ ਉੱਤੇ ਬੋਝ ਘੱਟ ਹੋਵੇਗਾ। ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨੂੰ ਮਾਪਿਆਂ ਵੱਲੋਂ ਆਮ ਤੌਰ ਉੱਤੇ ਸਵਾਗਤ ਕੀਤਾ ਜਾ ਰਿਹਾ ਹੈ। ਇਹ ਫੈਸਲਾ ਸਿੱਖਿਆ ਨੂੰ ਵਧੇਰੇ ਕਿਫਾਇਤੀ ਅਤੇ ਨਿਰਪੱਖ ਬਣਾਉਣ ਵੱਲ ਇੱਕ ਵੱਡਾ ਕਦਮ ਹੈ।