Others

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋ ਹੋਏ ਅਹਿਮ ਫ਼ੈਸਲੇ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਕਈ ਅਹਿਮ ਫ਼ੈਸਲੈ ਸੁਣਾਏ ਗਏ ਹਨ। ਇਸਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹਨ।

ਇਸੇ ਦੌਰਾਨ ਰਣਜੀਤ ਸਿੰਘ ਢੱਡਰੀਆਂ ਵਾਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਅਤੇ ਪੰਜ ਸਿੰਘ ਸਾਹਿਬਾਨ ਅੱਗੇ ਆਪਣੀਆਂ ਪੁਰਾਣੀਆਂ ਵਿਵਾਦਤ ਬਿਆਨਬਾਜ਼ੀਆਂ ਲਈ ਸਪੱਸ਼ਟੀਕਰਨ ਸੌਂਪਦਿਆਂ ਮੁਆਫੀ ਮੰਗੀ। ਸ੍ਰੀ ਅਕਾਲ ਤਖਤ ਸਾਹਿਬ ਨੇ ਉਨ੍ਹਾਂ ਦੀ ਖਿਮਾ ਯਾਚਨਾ ਪ੍ਰਵਾਨ ਕਰਦਿਆਂ 501 ਰੁਪਏ ਦੀ ਦੇਗ ਕਰਵਾਉਣ ਦਾ ਹੁਕਮ ਦਿੱਤਾ।

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਅਨੁਸਾਰ, ਢੱਡਰੀਆਂ ਵਾਲੇ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿੱਖ ਮਰਿਆਦਾ ਅਤੇ ਪੰਥਕ ਰਵਾਇਤਾਂ ਅਨੁਸਾਰ ਸਿੱਖੀ ਪ੍ਰਚਾਰ ਕਰਨ ਦੀ ਹਦਾਇਤ ਕੀਤੀ। ਰਣਜੀਤ ਸਿੰਘ ਨੇ ਫਸੀਲ ਅੱਗੇ ਇਹ ਸਾਰੀਆਂ ਹਦਾਇਤਾਂ ਪ੍ਰਵਾਨ ਕੀਤੀਆਂ।

ਉਨ੍ਹਾਂ ਨੂੰ ਸਰੋਵਰ ਦੇ ਵਿਰੁੱਧ ਨਾ ਬੋਲਣ, ਸਾਖੀਆਂ ਸੁਣਾਉਣ, ਖਾਲਸਾ ਪੰਥ ਨੂੰ ਇਕਜੁੱਟ ਕਰਨ ਅਤੇ ਕਿਸੇ ਜਥੇਬੰਦੀ ਵਿਰੁੱਧ ਟਿੱਪਣੀ ਨਾ ਕਰਨ ਦੀ ਤਾਕੀਦ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਢੱਡਰੀਆਂ ਵਾਲੇ ’ਤੇ ਪ੍ਰਚਾਰ ’ਤੇ ਲੱਗੀ ਰੋਕ ਹਟਾ ਦਿੱਤੀ ਅਤੇ ਕਿਹਾ ਕਿ ਪ੍ਰਚਾਰ ਵਿੱਚ ਕੋਈ ਮੁਸ਼ਕਿਲ ਆਉਣ ’ਤੇ ਉਹ ਅਕਾਲ ਤਖਤ ਸਾਹਿਬ ਦੀ ਸਹਾਇਤਾ ਲੈ ਸਕਦੇ ਹਨ।

ਰਣਜੀਤ ਸਿੰਘ ਢੱਡਰੀਆਂਵਾਲਾ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਰਵਿੰਦਰ ਸਿੰਘ ਸਰਨਾ, ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਰਣਜੀਤ ਸਿੰਘ ਗੋਹਰ ਵੀ ਪੇਸ਼ ਹੋਏ।

ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸਜ਼ਾ

ਇਸ ਤੋਂ ਇਲਾਵਾ ਜਥੇਦਾਰ ਕੁਲਦੀਪ ਸਿੰਘ ਗੜਗਜ ਨੇ ਹਰਵਿੰਦਰ ਸਿੰਘ ਸਰਨਾ ਦੀ ਮੁਆਫ਼ੀ ਵੀ ਕਬੂਲ ਕੀਤੀ ਅਤੇ ਧਾਰਮਿਕ ਸਜ਼ਾ ਲਗਾਉਂਦੇ ਹੋਏ ਬੰਗਲਾ ਸਾਹਿਬ ਵਿਖੇ 2 ਜਪੁਜੀ ਸਾਹਿਬ ਅਤੇ 2 ਚੌਪਈ ਸਾਹਿਬ ਦੇ ਪਾਠ ਕਰਕੇ 501 ਰੁਪਏ ਦੀ ਦੇਗ ਕਰਵਾਉਣ ਦਾ ਆਦੇਸ਼ ਦਿੱਤਾ ਹੈ।

ਗਿਆਨੀ ਗੁਰਮੁੱਖ ਸਿੰਘ ਨੂੰ ਧਾਰਮਿਕ ਸਜ਼ਾ

ਸਾਬਕਾ ਜਥੇਦਾਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਵੀ ਧਾਰਮਿਕ ਸਜ਼ਾ ਲਗਾਈ ਗਈ ਹੈ। ਜਥੇਦਾਰ ਸਾਹਿਬ ਨੇ ਗਿਆਨੀ ਗੁਰਮੁੱਖ ਸਿੰਘ ਨੂੰ 11 ਦਿਨ ਲਈ ਇੱਕ-ਇੱਕ ਘੰਟਾ ਜੋੜੇ ਝਾੜਨ ਅਤੇ ਬਰਤਨ ਸਾਫ ਕਰਨ ਦੀ ਸੇਵਾ ਲਾਈ। ਨਾਲ ਹੀ 2 ਜਪੁਜੀ ਸਾਹਿਬ ਦੇ ਪਾਠ ਕਰਕੇ 501 ਰੁਪਏ ਦੀ ਦੇਗ ਕਰਵਾ ਕੇ ਭੁੱਲ ਬਖਸ਼ਾਉਣ ਦੀ ਅਰਦਾਸ ਕਰਨ ਦਾ ਹੁਕਮ ਦਿੱਤਾ ਹੈ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਕਮੇਟੀ ਦੇ ਮੁਲਾਜ਼ਮ ਬਲਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਲਦ ਤੋਂ ਜਲਦ ਵਿਸਥਾਰਿਤ ਰਿਪੋਰਟ ਪੇਸ਼ ਕਰਨ ਦਾ ਆਦੇਸ਼ ਦਿੱਤਾ ਹੈ।

ਗਿਆਨੀ ਰਣਜੀਤ ਸਿੰਘ ਗੋਹਰ ਜਾਰੀ ਰੱਖ ਸਕਣਗੇ ਸੇਵਾਵਾਂ

ਗਿਆਨੀ ਰਣਜੀਤ ਸਿੰਘ ਗੋਹਰ ਦੇ ਸਬੰਧ ‘ਚ ਤਖਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਅਣਦੇਖੀ ਕੀਤੇ ਜਾਣ ਦੇ ਦੋਸ਼ ਸਾਬਤ ਨਹੀਂ ਹੋਏ, ਜਿਸ ‘ਤੇ ਜਥੇਦਾਰ ਸਹਿਬ ਨੇ ਉਨ੍ਹਾਂ ਦੀਆਂ ਸੇਵਾਵਾਂ ‘ਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਗਿਆਨੀ ਰਣਜੀਤ ਸਿੰਘ ਗੋਹਰ ਆਪਣੀਆਂ ਸੇਵਾਵਾਂ ਜਾਰੀ ਰੱਖ ਸਕਣਗੇ।

ਸ੍ਰੀ ਅਕਾਲ ਤਖਤ ਸਾਹਿਬ ‘ਤੇ ਭਾਈ ਬਲਦੇਵ ਸਿੰਘ ਕੀਤੇ ਗਏ ਤਲਬ

ਜਥੇਦਾਰ ਕੁਲਦੀਪ ਸਿੰਘ ਗੜਗਜ ਨੇ ਇਕੱਤਰਤਾ ਦੌਰਾਨ ਕਿਹਾ ਕਿ ਭਾਈ ਬਲਦੇਵ ਸਿੰਘ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੰਥਕ ਸੇਵਾਵਾਂ ਦੇ ਯੋਗ ਨਹੀਂ ਹਨ। ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਭਾਈ ਬਲਦੇਵ ਸਿੰਘ ਨੂੰ ਤਲਬ ਕੀਤਾ ਗਿਆ।

ਮੁਆਫ਼ੀ ਮਗਰੋਂ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਪਹਿਲਾਂ ਬਿਆਨ

ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਕਿਹਾ ਕਿ ਪੰਜਾਬ ਵਿੱਚ ਧਰਮ ਪਰਿਵਰਤਨ ਤੇ ਨਸ਼ੇ ਵਿਚ ਫਸ ਰਹੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਇਕਜੁੱਟ ਹੋਣ ਦੀ ਲੋੜ ਹੈ ਤੇ ਇਸ ਲਈ ਉਨ੍ਹਾਂ ਨੇ ਖਿਮਾ ਦਾ ਯਾਚਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ‘ਮੈਂ ਆਪਣੇ ਬੋਲੇ ਗ਼ਲਤ ਸ਼ਬਦਾਂ ਦੀ ਮੁਆਫ਼ੀ ਮੰਗ ਲਈ ਹੈ, ਹੁਣ ਟਕਸਾਲ ਮੁਖੀ ਧੁੰਮਾ ਵੀ ਮੇਰੇ ‘ਤੇ ਚਲਾਈਆਂ ਗੋਲੀਆਂ ਅਤੇ ਬਦਨਾਮ ਕੀਤੀ ਛਬੀਲ ਦੀ ਅਕਾਲ ਤਖ਼ਤ ਸਾਹਿਬ ਆਕੇ ਮੁਆਫ਼ੀ ਮੰਗਣ।’