ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਅਗਵਾਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 2019 ਵਿੱਚ ਜਾਰੀ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨੂੰ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੂਰਾ ਕੀਤਾ ਜਾਵੇ।
ਮੀਟਿੰਗ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਚੇਅਰ ਸਥਾਪਤ ਕਰਨ ਦਾ ਮਤਾ ਪਾਸ ਕੀਤਾ ਗਿਆ। ਸ਼੍ਰੀਨਗਰ ਵਿੱਚ ਪੰਜਾਬ ਸਰਕਾਰ ਦੇ ਭਾਈ ਸਾਹਿਬ ਵਿਭਾਗ ਵੱਲੋਂ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੀ ਸਖਤ ਨਿੰਦਾ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕਾਰਵਾਈ ਦੀ ਅਪੀਲ ਕੀਤੀ ਗਈ।
ਇਸ ਤੋਂ ਇਲਾਵਾ, ਕਰਤਾਰਪੁਰ ਸਾਹਿਬ ਲਾਂਘੇ ਦੀ ਯਾਤਰਾ ਨੂੰ ਸਰਲ ਕਰਨ, ਐਸਜੀਪੀਸੀ ਦੇ ਸਿੱਖਿਆ ਅਦਾਰਿਆਂ ਵਿੱਚ ਐਨ.ਡੀ.ਏ. ਨੂੰ ਸਬਜੈਕਟ ਵਜੋਂ ਸ਼ਾਮਲ ਕਰਨ, ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਦੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਪਾਵਨ ਸਰੂਪ ਸਤਿਕਾਰ ਸਹਿਤ ਭੇਜਣ ਦਾ ਫੈਸਲਾ ਕੀਤਾ ਗਿਆ। ਪ੍ਰਧਾਨ ਧਾਮੀ ਨੇ ਸਮੂਹ ਸਿੱਖ ਸੰਗਤ ਨੂੰ ਸ਼ਤਾਬਦੀ ਨੂੰ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕੀਤੀ, ਤਾਂ ਜੋ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ’ਤੇ ਪ੍ਰਚਾਰਿਆ ਜਾਵੇ।