ਜਲੰਧਰ : ਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਇਨ੍ਹਾਂ ਵਿਚੋਂ ਕਈ ਪੜ੍ਹਾਈ ਵਾਸਤੇ ਤੇ ਕਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਇਕ ਨੌਜਵਾਨ ਅਮਰੀਕਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਮਨਜੋਤ ਸਿੰਘ ਵਾਸੀ ਪਿੰਡ ਪਧਿਆਣਾ ਵਜੋਂ ਹੋਈ ਹੈ। ਦਮਨਜੋਤ ਅਜੇ 6 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਤੇ ਨਾਲ ਹੀ ਇਹ ਵੀ ਖਬਰ ਹੈ ਕਿ ਉਸ ਦੇ ਪਰਿਵਾਰ ਵਾਲਿਆਂ ਨੇ 40 ਲੱਖ ਦਾ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਪਰਿਵਾਰ ਵਾਲਿਆਂ ਨੂੰ ਉਮੀਦ ਸੀ ਕਿ ਦਮਨਜੋਤ ਵਿਦੇਸ਼ ਜਾ ਕੇ ਪੈਸਾ ਕਮਾਏਗਾ ਤੇ ਕਰਜ਼ਾ ਚੁਕਾ ਦੇਵੇਗਾ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਬੀਤੀ 20 ਸਤੰਬਰ ਨੂੰ ਦਮਨਜੋਤ ਦੇ ਪਰਿਵਾਰ ਵਾਲਿਆਂ ਨੂੰ ਫੋਨ ਆਇਆ ਕਿ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦਮਨਜੋਤ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪੁੱਤਰ ਦੀ ਬੇਵਕਤੀ ਮੌਤ ਨਾਲ ਪੂਰੇ ਪਿੰਡ ਤੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।
ਪਿੰਡ ਦੇ ਨੰਬਰਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਦਮਨਜੋਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਨ੍ਹਾਂ ਕਿਹਾ ਕਿ ਦਮਨਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਅਮਰੀਕਾ ਤੋਂ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਵਿਦੇਸ਼ਾਂ ਵਿੱਚ ਰਿਸ਼ਤੇਦਾਰਾਂ ਅਤੇ ਭਾਰਤ ਵਿੱਚ ਅਮਰੀਕੀ ਦੂਤਾਵਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ।