Punjab

ਦੇਸ਼ ਵਿੱਚ ਫਿਰ ਵੱਧ ਰਹੇ ਹਨ ਇਸ ਬੀਮਾਰੀ ਨਾਲ ਸੰਬੰਧਤ ਮਾਮਲੇ,ਪ੍ਰਸ਼ਾਸਨ ਨੇ ਕੀਤੀ ਲੋਕਾਂ ਨੂੰ ਸਾਵਧਾਨੀ ਰੱਖਣ ਦੀ ਅਪੀਲ

ਚੰਡੀਗੜ੍ਹ : ਪੰਜਾਬ ਸਣੇ ਦੇਸ਼ ਦੇ ਵੱਖੋ ਵੱਖਰੇ ਹਿੱਸਿਆਂ ਵਿੱਚ ਕੋਰੋਨਾ ਦੇ ਮਾਮਲੇ ਵੱਧਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ  ਅੰਕੜਿਆਂ ਅਨੁਸਾਰ ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਦੋ-ਦੋ ਅਤੇ ਕੇਰਲ ਅਤੇ ਪੰਜਾਬ ਵਿੱਚ ਇੱਕ-ਇੱਕ ਮਰੀਜ਼ ਦੀ ਕਰੋਨਾ ਕਾਰਨ ਮੌਤ ਹੋਈ ਹੈ ਤੇ ਇਸ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,30,929 ਹੋ ਗਈ ਹੈ।

ਇਸ ਤੋਂ ਇਲਾਵਾ ਦੇਸ਼ ਵਿੱਚ ਇਕ ਦਿਨ ‘ਚ ਕਰੋਨਾ ਦੇ 5,335 ਨਵੇਂ ਮਾਮਲੇ ਸਾਹਮਣੇ ਆਏ ਹਨ,ਜੋ ਕਿ ਪਿਛਲੇ 195 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਵਿੱਚ ਸਭ ਤੋਂ ਵੱਧ ਹਨ। ਇਹਨਾਂ ਨੂੰ ਮਿਲਾ ਕੇ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,39,054 ਹੋ ਗਈ ਹੈ। ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 25,587 ਹੋ ਗਈ ਹੈ।

ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਦੇ ਬਾਕੀ ਹਿੱਸਿਆਂ ਦੇ ਨਾਲ-ਨਾਲ ਇਥੇ ਵੀ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਵੀ ਵਾਧਾ ਹੋਇਆ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਥਿਤੀ ਦੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੱਲ ਹੀ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕੋਵਿਡ ਆਈਸੋਲਟਿਡ ਵਾਰਡ ਦੇ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਦੀ ਸਮਰੱਥਾ ਅਤੇ ਵੈਂਟੀਲੇਟਰਾਂ ਦੇ ਨਾਲ-ਨਾਲ ਸਾਰੇ ਢੁੱਕਵੇਂ ਪ੍ਰਬੰਧਾਂ ਨਾਲ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ। ਇਸ ਤੋਂ ਇਲਾਵਾ ਵਾਇਰਸ ਦੇ ਹੋਰ ਫੈਲਾਅ ਨਾਲ ਨਜਿੱਠਣ ਲਈ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਵੀ ਉਪਲਬਧ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ ਦੇ ਨਾਲ-ਨਾਲ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ ਹਨ।

ਡਾ. ਬਲਬੀਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕਾਂ, ਖਾਸਕਰ ਜਿਨਾਂ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਹੈ ਜਾਂ ਕੋਵਿਡ ਦੇ ਲੱਛਣ ਜਿਵੇਂ ਜੁਕਾਮ ਜਾਂ ਖੰਘ ਲੱਗ ਰਹੇ ਹਨ, ਨੂੰ ਆਪਣਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜਰੂਰੀ ਕੰਮ ਨਾ ਹੋਵੇ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਹ ਆਪਣੇ ਘਰੋਂ ਬਾਹਰ ਨਿਕਲਣ ਤਾਂ ਲਾਜ਼ਮੀ ਮਾਸਕ ਪਹਿਨ ਕੇ ਹੀ ਬਾਹਰ ਜਾਣ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਲਈ ਵੀ ਕਿਹਾ ਹੈ।

ਸਿਹਤ ਮੰਤਰੀ ਪੰਜਾਬ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ  ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਿਹਤ ਵਿਭਾਗ ਵੱਲੋਂ 10-11 ਅਪ੍ਰੈਲ ਨੂੰ ਸੂਬੇ ਵਿੱਚ ਕੋਵਿਡ ਸਬੰਧੀ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਮੌਕ ਡਰਿੱਲ ਕਰਵਾਈ ਜਾਵੇਗੀ। ਪੰਜਾਬ ਵਿੱਚ ਸਥਿਤੀ ਕਾਬੂ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।