ਪੰਜਾਬ-ਹਰਿਆਣਾ ਦੇ ਖਨੌਰੀ ਸਰਹੱਦ ‘ਤੇ 21 ਸਾਲਾ ਸ਼ੁਭਕਰਨ ਦੀ ਮੌਤ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਦੇਸ਼ ਭਰ ‘ਚ ਕਿਸਾਨ ਕਾਲਾ ਦਿਵਸ ਮਨਾ ਰਹੇ ਹਨ। ਇਸ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਉਨ੍ਹਾਂ ਸਾਰੇ ਜਥੇਬੰਦੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ, ਜੋ ਖਨੌਰੀ ਬਾਰਡਰ ‘ਤੇ ਮਾਰੇ ਗਏ ਸ਼ੁਭਕਰਨ ਸਿੰਘ ਦੇ ਪੀੜਤ ਪਰਿਵਾਰ ਨਾਲ ਖੜੇ ਹਨ।
ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਹਰਿਆਣਾ ਹਾਈਕੋਰਟ ਦੀ ਬਾਰ ਐਸੋਸੀਏਸ਼ਨ ਦਾ ਧੰਨਵਾਦ ਕੀਤਾ, ਜਿਨਾਂ ਨੇ ਸ਼ੁਭਕਰਨ ਸਿੰਘ ਦੀ ਮੌਤ ਦੇ ਰੋਸ ਵਜੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਸ਼ੁਕਰਵਾਰ ਨੂੰ ਕੰਮ ਠੱਪ ਰੱਖਣ ਦਾ ਐਲਾਨ ਕੀਤਾ ਹੈ।
ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਕੁਝ ਲੋਕ ਵਕੀਲਾਂ ‘ਤੇ ਦਬਾਅ ਪਾ ਰਹੇ ਹਨ ਕਿ ਉਨ੍ਹਾਂ ਨੇ ਇਹ ਫੈਸਲਾ ਗਲਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਸਾਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਦੋਂ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕ ‘ਤੇ ਉਤਰਦਾ ਹੈ ਤਾਂ ਸਰਕਾਰ ਉਸ ਨਾਲ ਕੀ ਵਤੀਰਾ ਕਰਦੀ ਹੈ।
ਇਸਦੇ ਨਾਲ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅੰਦੋਲਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਸ਼ੁਭਕਰਨ ਦੇ ਹੱਕ ਵਿੱਚ ਹਰ ਇੱਕ ਘਰ ਅਤੇ ਦੁਕਾਨ ਉੱਪਰ ਕਾਲੇ ਝੰਡੇ ਲਗਾ ਕੇ ਕਾਲੇ ਦਿਵਸ ਦੇ ਤੌਰ ਤੇ ਮਨਾਇਆ ਜਾਵੇ।
ਦੂਜੇ ਬੰਨੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀਡੀਓ ਜਾਰੀ ਕਰਦਿਆਂ ਕਿਹਾ- ਬੀਤੀ ਸ਼ਾਮ (ਵੀਰਵਾਰ) ਦੋਵਾਂ ਮੰਚਾਂ (ਐਸ.ਕੇ.ਐਮ. ਗੈਰ-ਸਿਆਸੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ) ਦੀ ਮੀਟਿੰਗ ਹੋਈ। ਪੰਧੇਰ ਨੇ ਕਿਹਾ ਕਿ ਕੱਲ੍ਹ ਦੇਰ ਰਾਤ ਨੌਜਵਾਨ ਸ਼ੁਭਕਰਨ ਦੇ ਮਾਮਲੇ ‘ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਚਰਚਾ ਹੋਈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦਾ ਪ੍ਰਸਤਾਵ ਮੰਨ ਲਿਆ ਹੈ। ਨੌਜਵਾਨ ਸ਼ੁਭਕਰਨ ਦੇ ਸਸਕਾਰ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਸਰਕਾਰ ਹਰਿਆਣੇ ਦੇ ਅਧਿਕਾਰੀਆਂ ਅਤੇ ਅਰਧ ਸੈਨਿਕ ਬਲਾਂ ਅਤੇ ਪੁਲਿਸ ‘ਤੇ ਕੋਈ ਕਾਰਵਾਈ ਜਾਂ ਐਫਆਈਆਰ ਦਰਜ ਨਹੀਂ ਕਰਦੀ ਉਨ੍ਹਾਂ ਚਿਰ ਸ਼ਾਇਦ ਕੋਈ ਗੱਲ ਅੱਗੇ ਨਾ ਵੱਧ ਸਕੇ। ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਤਲ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।
ਕੇਂਦਰ ਸਰਕਾਰ ਦੇ ਗੱਲਬਾਤ ਦੇ ਸੱਦੇ ਬਾਰੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਲਗਾਤਾਰ ਇਹ ਕਹਿ ਰਿਹਾ ਹੈ ਕਿ ਉਹ ਗੱਲਬਾਤ ਲਈ ਤਿਆਰ ਹੈ ਪਰ ਕੇਂਦਰ ਏਜੰਡਾ ਤਿਆਰ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਵੱਲੋਂ ਇਹ ਕਿਹਾ ਗਿਆ ਕਿ MSP ਖ਼ਰੀਦ ਦੀ ਗਾਰੰਟੀ ਕਾਨੂੰਨ ਬਣਾਉਣ ਦੇ ਹੱਲ ਲਈ ਸਰਕਾਰ ਮੀਟਿੰਗ ਰੱਖੇ, ਜਿਸ ‘ਤੇ ਕੇਂਦਰ ਸਰਕਾਰ ਅੜੀ ਹੋਈ ਹੈ।
ਪੰਧੇਰ ਨੇ ਕਿਹਾ ਕਿ ਖਨੌਰੀ ਸਰਹੱਦ ਤੋਂ ਲਾਪਤਾ ਨੌਜਵਾਨ ਰੋਹਤਕ ਪੀ.ਜੀ.ਆਈ. ਤੋਂ ਮਿਲਿਆ ਹੈ। ਇੰਨਾ ਹੀ ਨਹੀਂ ਕਿਸਾਨਾਂ ਨੂੰ ਕੁੱਟ-ਕੁੱਟ ਕੇ ਖੇਤਾਂ ਵਿੱਚ ਸੁੱਟ ਦਿੱਤਾ ਗਿਆ। ਇਸ ਦੇ ਵਿਰੋਧ ਵਿੱਚ ਅੱਜ ਸਮੂਹ ਪੰਜਾਬ ਵਾਸੀਆਂ ਨੂੰ ਘਰਾਂ ਅਤੇ ਵਾਹਨਾਂ ‘ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕਰਨਾ ਚਾਹੀਦਾ ਹੈ।