India

ਹਿਮਾਚਲ ‘ਚ 21 ਸਾਲ ਤੋਂ ਪਹਿਲਾਂ ਨਹੀਂ ਹੋ ਸਕਣਗੇ ਵਿਆਹ, ਵਿਧਾਨ ਸਭਾ ਨੇ ਪਾਸ ਕੀਤਾ ਸੋਧ ਬਿੱਲ

ਹਿਮਾਚਲ ਪ੍ਰਦੇਸ਼ ‘ਚ ਹੁਣ ਲੜਕੀਆਂ 21 ਸਾਲ ਦੀ ਉਮਰ ਤੋਂ ਪਹਿਲਾਂ ਵਿਆਹ ਨਹੀਂ ਕਰਵਾ ਸਕਣਗੀਆਂ। ਇਸ ਰਾਜ ਵਿੱਚ ਹੁਣ ਤੱਕ ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਸੀ। ਬਾਲ ਵਿਆਹ ਰੋਕੂ (ਹਿਮਾਚਲ ਪ੍ਰਦੇਸ਼ ਸੋਧ) ਬਿੱਲ, 2024, ਇਸ ਨੂੰ 18 ਸਾਲ ਤੋਂ ਵਧਾਉਣ ਲਈ, ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮੰਗਲਵਾਰ ਨੂੰ ਪੇਸ਼ ਕੀਤਾ ਗਿਆ ਸੀ। ਇਹ ਬਿੱਲ ਬਿਨਾਂ ਕਿਸੇ ਚਰਚਾ ਦੇ ਪਾਸ ਕਰ ਦਿੱਤਾ ਗਿਆ। ਹੁਣ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਜਾਵੇਗਾ।

ਹੁਣ ਤੱਕ ਰਾਜ ਵਿੱਚ ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਹੈ। ਸੂਬਾ ਸਰਕਾਰ ਇਸ ਵਿੱਚ 3 ਸਾਲ ਦਾ ਵਾਧਾ ਕਰ ਰਹੀ ਹੈ। ਇਸ ਦੇ ਸੋਧੇ ਹੋਏ ਖਰੜੇ ਨੂੰ ਰਾਜ ਮੰਤਰੀ ਮੰਡਲ ਨੇ 7 ਮਹੀਨੇ ਪਹਿਲਾਂ ਪ੍ਰਵਾਨਗੀ ਦਿੱਤੀ ਸੀ।  ਸਦਨ ਵਿੱਚ ਸੋਧ ਬਿੱਲ ਪਾਸ ਕੀਤਾ ਗਿਆ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੀ ਇਸ ਬਿੱਲ ਨੂੰ ਸੰਸਦ ‘ਚ ਪੇਸ਼ ਕੀਤਾ ਸੀ ਪਰ ਵਿਰੋਧ ਦੇ ਚੱਲਦਿਆਂ ਇਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ।

ਲੜਕੀਆਂ ਨੂੰ ਅੱਗੇ ਵਧਣ ਦੇ ਮੌਕੇ ਮਿਲਣਗੇ

ਸਮਾਜਿਕ ਨਿਆਂ ਮੰਤਰੀ ਧਨੀਰਾਮ ਸ਼ਾਂਡਿਲ ਨੇ ਕਿਹਾ ਕਿ ਵਿਆਹ ਦੀ ਉਮਰ ਵਧਣ ਨਾਲ ਲੜਕੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦੇ ਮੌਕੇ ਮਿਲਣਗੇ। ਹੁਣ ਕੁਝ ਲੋਕ ਛੋਟੀ ਉਮਰ ਵਿੱਚ ਕੁੜੀਆਂ ਦਾ ਵਿਆਹ ਕਰ ਦਿੰਦੇ ਹਨ। ਇਸ ਕਾਰਨ ਲੜਕੀਆਂ ਪੜ੍ਹਾਈ ਨਹੀਂ ਕਰ ਪਾਉਂਦੀਆਂ ਅਤੇ ਆਪਣੇ ਕੈਰੀਅਰ ਵਿੱਚ ਅੱਗੇ ਨਹੀਂ ਵੱਧ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵਿਆਹ ਦੀ ਉਮਰ ਵਧਾ ਕੇ ਉਨ੍ਹਾਂ ਨੂੰ ਕੁਪੋਸ਼ਣ ਤੋਂ ਬਚਾਉਣਾ ਚਾਹੁੰਦੀ ਹੈ ਕਿਉਂਕਿ ਘੱਟ ਉਮਰ ਦੇ ਵਿਆਹ ਕਰਕੇ ਮਾਂ ਬਣਨ ਨਾਲ ਅਕਸਰ ਉਨ੍ਹਾਂ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ।

ਕੇਂਦਰ ਸਰਕਾਰ ਨੇ ਲੜਕੀਆਂ ਦੇ ਵਿਆਹ ਦੀ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦਾ ਫੈਸਲਾ ਵੀ ਕੀਤਾ ਹੈ। ਇਸ ਪ੍ਰਸਤਾਵ ਨੂੰ ਕੇਂਦਰੀ ਮੰਤਰੀ ਮੰਡਲ ਨੇ ਦਸੰਬਰ 2020 ਵਿੱਚ ਮਨਜ਼ੂਰੀ ਦਿੱਤੀ ਸੀ। ਉਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ 2020 ਨੂੰ ਲਾਲ ਕਿਲ੍ਹੇ ਤੋਂ ਪ੍ਰਸਤਾਵ ਦਾ ਐਲਾਨ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਸੀ।

 

ਪੀਐਮ ਮੋਦੀ ਨੇ ਕਿਹਾ ਸੀ ਕਿ ਲੜਕੀਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਔਰਤਾਂ ਲਈ ਵਿਆਹ ਦੀ ਘੱਟੋ-ਘੱਟ ਉਮਰ ਵਧਾਉਣ ਦਾ ਫੈਸਲਾ ਜ਼ਰੂਰੀ ਸੀ। ਇਸ ਦੇ ਪਿੱਛੇ ਦਾ ਕਾਰਨ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਸੀ, ”ਸਰਕਾਰ ਹਮੇਸ਼ਾ ਧੀਆਂ-ਭੈਣਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਰਹੀ ਹੈ। ਬੇਟੀਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਜ਼ਰੂਰੀ ਹੈ ਕਿ ਉਨ੍ਹਾਂ ਦਾ ਸਹੀ ਉਮਰ ‘ਚ ਵਿਆਹ ਕੀਤਾ ਜਾਵੇ।