‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ’ਤੇ ਪੁਲੀਸ ਨੇ ਲਾਠੀਚਾਰਜ ਕੀਤਾ, ਜਿਸ ਕਰਕੇ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ। ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਨੈਸ਼ਨਲ ਹਾਈਵੇਅ ‘ਤੇ ਵਿਰੋਧ ਕਰ ਰਹੇ ਸਨ, ਜਦੋਂ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ। ਪੁਲਿਸ ਦੇ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਮੁੜ ਬਸਤਾੜਾ ਟੌਲ ਪਲਾਜ਼ਾ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ ਖੱਟਰ ਦੇ ਵਿਰੋਧ ਵਿੱਚ ਨੈਸ਼ਨਲ ਹਾਈਵੇਅ ‘ਤੇ ਘਰੌਂਡਾ ਟੋਲ ਪਲਾਜ਼ੇ ਨੂੰ ਜਾਮ ਕੀਤਾ ਹੋਇਆ ਸੀ ਪਰ ਪੁਲਿਸ ਬਲ ਦਾ ਪ੍ਰਯੋਗ ਕਰਕੇ ਕਿਸਾਨਾਂ ਨੂੰ ਖਦੇੜਿਆ ਗਿਆ। ਖੱਟਰ ਦੇ ਨਾਲ ਸੂਬੇ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਪਾਰਟੀ ਦੇ ਹੋਰ ਨੇਤਾ ਪੰਚਾਇਤੀ ਚੋਣਾਂ ਦੀ ਰਣਨੀਤੀ ਤਿਆਰ ਕਰਨ ਲਈ ਕਰਨਾਲ ਪਹੁੰਚੇ ਹੋਏ ਸਨ। ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੂਰੇ ਹਰਿਆਣਾ ਵਿੱਚ ਜਾਮ ਦਾ ਸੱਦਾ ਦਿੱਤਾ ਹੈ।
ਲਾਠੀਚਾਰਜ ਤੋਂ ਬਾਅਦ ਹੋਈ ਪੱਥਰਬਾਜ਼ੀ ਕਾਰਨ ਜੀਟੀ ਰੋਡ ਵਿੱਚ ਫਸੇ ਕਈ ਵਾਹਨਾਂ ਨੂੰ ਵੀ ਨੁਕਸਾਨ ਪੁੱਜਿਆ ਹੈ। ਕਿਸਾਨਾਂ ਨੇ ਬੀਤੀ ਰਾਤ ਹੀ ਇਸ ਮੀਟਿੰਗ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਨੂੰ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਇਕੱਠੇ ਹੋਣਾ ਸੀ ਪਰ ਪੁਲੀਸ ਨੇ ਘਟਨਾ ਵਾਲੀ ਥਾਂ ‘ਤੇ ਰੇਲਵੇ ਰੋਡ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ। ਇਸ ਕਾਰਨ ਸ਼ਹਿਰ ਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਦੋਂ ਆਲੇ ਦੁਆਲੇ ਦੇ ਪਿੰਡਾਂ ਤੋਂ ਸ਼ਹਿਰ ਆਏ ਪਿੰਡ ਵਾਸੀਆਂ ਨੂੰ ਸ਼ਹਿਰ ਵਿੱਚ ਦਾਖਲਾ ਨਾ ਮਿਲਿਆ ਤਾਂ ਉਨ੍ਹਾਂ ਨੇ ਸਥਾਨਕ ਲੋਕਾਂ ਦੇ ਨਾਲ ਸ਼ਹਿਰ ਵਿੱਚ ਸਰਕਾਰ ਵਿਰੁੱਧ ਪ੍ਰਦਰਸ਼ਨ ਵੀ ਕੀਤਾ।
ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਇਸ ਘਟਨਾ ਦੀ ਸਖ਼ਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਚੜੂਨੀ ਨੇ ਕਿਸਾਨਾਂ ਨੂੰ ਪੁਲਿਸ ਦੀ ਇਸ ਗੁੰਡਾਗਰਦੀ ਦਾ ਡਟ ਕੇ ਮੁਕਾਬਲਾ ਕਰਨ ਦਾ ਹੌਂਸਲਾ ਦਿੱਤਾ। ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਹਰਿਆਣਾ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਜਾਂ ਜਿੱਥੇ ਵੀ ਕਿਸਾਨ ਰੋਡ ਜਾਮ ਕਰ ਸਕਦੇ ਹਨ, ਉੱਤੇ ਤੁਰੰਤ ਰੋਡ ਜਾਮ ਕਰਨ ਦੀ ਅਪੀਲ ਕੀਤੀ ਹੈ। ਚੜੂਨੀ ਨੇ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਕਰਨ ਤੱਕ ਹਰਿਆਣਾ ਦੇ ਸਾਰੇ ਰੋਡ ਅਤੇ ਟੋਲ ਪਲਾਜ਼ਾ ਜਾਮ ਰੱਖਣ ਦਾ ਐਲਾਨ ਕਰ ਦਿੱਤਾ ਹੈ।
ਕਿਸਾਨ ਲੀਡਰ ਦਰਸ਼ਨਪਾਲ ਨੇ ਕਿਹਾ ਕਿ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ, ਉਨ੍ਹਾਂ ਦੀਆਂ ਹੱਡੀਆਂ ਤੋੜੀਆਂ ਗਈਆਂ ਹਨ ਅਤੇ ਕਈਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿਸਾਨ ਲੀਡਰ ਦਰਸ਼ਨਪਾਲ ਨੇ ਵੀ ਸਾਰੇ ਕਿਸਾਨਾਂ ਨੂੰ ਸ਼ਾਮ 5 ਵਜੇ ਤੱਕ ਰੋਡ ਜਾਮ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪ੍ਰਸ਼ਾਸਨ ਨੇ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਅਤੇ ਜ਼ਖ਼ਮੀ ਹੋਏ ਕਿਸਾਨਾਂ ਦੇ ਹਾਲਾਤ ਜੇ ਬਹੁਤੇ ਖ਼ਰਾਬ ਹੋਏ ਤਾਂ ਹਰਿਆਣਾ ਪੁਲਿਸ ਅਤੇ ਹਰਿਆਣਾ ਪ੍ਰਸ਼ਾਸਨ ਦੇ ਖ਼ਿਲਾਫ਼ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਲਾਠੀਚਾਰਜ ਦੇ ਰੋਸ ਵਜੋਂ ਪਾਣੀਪਤ, ਹਿਸਾਰ, ਫਤਿਹਾਬਾਦ ਅਤੇ ਦਿੱਲੀ ਨੂੰ ਜਾਂਦੇ ਹੋਰ ਮੁੱਖ ਰਸਤੇ ਜਾਮ ਕਰ ਦਿੱਤੇ ਗਏ ਹਨ।