ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਗਠਿਤ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ ‘ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ। ਹੁਣ ਅਗਲੀ ਕਾਰਵਾਈ ਲਈ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਪੰਜਾਬ ਸਰਕਾਰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਚਾਰਜਸ਼ੀਟ ਕਰਨ ਦੀ ਤਿਆਰੀ ਕਰ ਰਹੀ ਹੈ।
ਕੀ ਹੈ ਸਾਰਾ ਮਾਮਲਾ
ਫਰਵਰੀ 2022 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਜਨਵਰੀ, 2022 ਨੂੰ ਪੰਜਾਬ ਦਾ ਦੌਰਾ ਕੀਤਾ ਸੀ। ਖ਼ਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਸੜਕੀ ਰਸਤੇ ਰਵਾਨਾ ਕੀਤਾ ਗਿਆ। ਜਦੋਂ ਉਹ ਬਠਿੰਡਾ ਹਵਾਈ ਅੱਡੇ ਤੋਂ ਹੁਸੈਨੀਵਾਲਾ ਜਾ ਰਹੇ ਸਨ ਤਾਂ ਉਨ੍ਹਾਂ ਦਾ ਕਾਫਲਾ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਫਲਾਈਓਵਰ ‘ਤੇ 20 ਮਿੰਟ ਤੱਕ ਫਸਿਆ ਰਿਹਾ ਕਿਉਂਕਿ ਕੁਝ ਦੂਰੀ ‘ਤੇ ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ ਸੀ।
ਕੇਂਦਰੀ ਗ੍ਰਹਿ ਮੰਤਰਾਲੇ ਦੀ ਬਲੂ ਬੁੱਕ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਤਾਇਨਾਤ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਮੁਤਾਬਕ ਪੰਜਾਬ ਸਰਕਾਰ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਅਤੇ ਦੌਰੇ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਅਜਿਹੇ ‘ਚ ਨਿਯਮਾਂ ਮੁਤਾਬਕ ਸੂਬਾ ਪੁਲਿਸ ਨੂੰ ਸੁਰੱਖਿਆ ਦੇ ਨਾਲ-ਨਾਲ ਬਦਲਵਾਂ ਰਸਤਾ ਵੀ ਤਿਆਰ ਰੱਖਣਾ ਚਾਹੀਦਾ ਸੀ।
ਐਮਰਜੈਂਸੀ ਯੋਜਨਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਸੜਕ ‘ਤੇ ਵਾਧੂ ਸੁਰੱਖਿਆ ਤਾਇਨਾਤ ਕਰਨੀ ਪਈ ਸੀ, ਪਰ ਅਜਿਹਾ ਨਹੀਂ ਹੋਇਆ। ਇਸ ਸੁਰੱਖਿਆ ਕੁਤਾਹੀ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਕਾਫਲੇ ਨੇ ਬਠਿੰਡਾ ਹਵਾਈ ਅੱਡੇ ‘ਤੇ ਵਾਪਸ ਜਾਣ ਦਾ ਫੈਸਲਾ ਕੀਤਾ। ਉਨ੍ਹਾਂ ਨੇ ਬਠਿੰਡਾ ਹਵਾਈ ਅੱਡੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਉੱਤੇ ਸੁਨੇਹਾ ਭੇਜਿਆ ਸੀ ਕਿ ‘ਆਪਣੇ ਸੀਐੱਮ ਨੂੰ ਕਹਿ ਦਿਉ ਕਿ ਮੈਂ ਜਾਨ ਬਚਾ ਕੇ ਆ ਗਿਆ ਹਾਂ।’
ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਇੱਕ ਜਾਂਚ ਕਮੇਟੀ ਵੀ ਬਣਾਈ ਸੀ, ਜਿਸ ਨੇ ਪੂਰੇ ਮਾਮਲੇ ਲਈ ਫਿਰੋਜ਼ਪੁਰ ਦੇ ਐਸਐਸਪੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਐਸਸੀ ਪੈਨਲ ਨੇ ਕਿਹਾ ਸੀ ਕਿ ਫਿਰੋਜ਼ਪੁਰ ਦੇ ਐਸਐਸਪੀ ਲੋੜੀਂਦੀ ਫੋਰਸ ਦੀ ਮੌਜੂਦਗੀ ਦੇ ਬਾਵਜੂਦ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ।