ਦਿੱਲੀ : ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਦੀ ਸਖ਼ਤੀ ਦਾ ਅਸਰ ਸਿਰਫ਼ ਦੋ ਦਿਨ ਹੀ ਦੇਖਣ ਨੂੰ ਮਿਲਿਆ ਹੈ। ਦੀਵਾਲੀ ਦੇ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਦੀਵਾਲੀ ਅਤੇ ਸੋਮਵਾਰ ਦੇ 48 ਘੰਟਿਆਂ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੇ 2611 ਮਾਮਲੇ ਸਾਹਮਣੇ ਆਏ ਹਨ।
ਸੋਮਵਾਰ ਸ਼ਾਮ ਨੂੰ ਪ੍ਰਾਪਤ ਅੰਕੜਿਆਂ ਅਨੁਸਾਰ ਪੰਜਾਬ ਵਿੱਚ 1,624 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਵਿੱਚ ਸੂਬੇ ਭਰ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਕੁੱਲ 2,611 ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਵਿੱਚ ਦੀਵਾਲੀ ਵਾਲੇ ਦਿਨ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ 987 ਘਟਨਾਵਾਂ ਸ਼ਾਮਲ ਹਨ।
ਇਸ ਦੇ ਨਾਲ ਹੀ 9 ਤੋਂ 11 ਨਵੰਬਰ ਦਰਮਿਆਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੀ ਕਮੀ ਆਈ ਹੈ। 9 ਨਵੰਬਰ ਨੂੰ ਸੂਬੇ ਭਰ ‘ਚ ਪਰਾਲੀ ਨੂੰ ਅੱਗ ਲਗਾਉਣ ਦੀਆਂ 639 ਘਟਨਾਵਾਂ ਸਾਹਮਣੇ ਆਈਆਂ ਸਨ, ਜਦੋਂ ਕਿ 10 ਨਵੰਬਰ ਨੂੰ ਪਰਾਲੀ ਸਾੜਨ ਦੇ ਸਿਰਫ 6 ਅਤੇ 11 ਨਵੰਬਰ ਨੂੰ 104 ਮਾਮਲੇ ਸਾਹਮਣੇ ਆਏ ਸਨ।