Khetibadi Punjab

ਪੰਜਾਬ ’ਚ ਹਨੇਰੀ ਤੇ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾਏ…

In Punjab, wind and rain dried the breath of farmers...

ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਵਢਾਈ ਸ਼ੁਰੂ ਹੋਈ ਹੈ। ਇਸੇ ਦੌਰਾਨ ਪਏ ਮੀਂਹ(Heavy rain in Punjab) ਨੇ ਕਿਸਾਨਾਂ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਹਨ। ਝੱਖੜ ਤੇ ਮੀਂਹ ਕਰਕੇ ਜਿੱਥੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਵਿਛ ਗਈਆਂ, ਉਥੇ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠ ਪਿਆ ਝੋਨਾ ਵੀ ਭਿੱਜ ਗਿਆ, ਜਿਸ ਨੇ ਕਿਸਾਨਾਂ ਲਈ ਨਵੀਂਆਂ ਮੁਸ਼ਕਲਾਂ ਪੈਦਾ ਕਰ ਦਿੱਤੀਆਂ ਹਨ।

ਪਟਿਆਲਾ ਦੇ ਭੁਨਰਹੇੜੀ ਵਿੱਚ ਹੋਈ ਗੜੇਮਾਰੀ ਅਤੇ ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ’ਚ ਪਏ ਭਾਰੀ ਮੀਂਹ ਨੇ ਕਿਸਾਨਾਂ ਦੇ ਸਾਹ ਸੁੱਕਣੇ ਪਾ ਦਿੱਤੇ ਹਨ। ਮੀਂਹ ਕਰਕੇ ਝੋਨੇ ਦੀ ਵਾਢੀ ’ਚ ਦੇਰੀ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਸੂਬੇ ’ਚ ਮੀਂਹ ਤੇ ਝੱਖੜ ਕਰਕੇ ਫ਼ਸਲਾਂ ਦੇ ਖ਼ਰਾਬੇ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਮੰਡੀਆਂ ਵਿੱਚ ਝੋਨਾ ਭਿੱਜਣ ਕਰਕੇ ਸੂਬਾ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ। ਹਾਲਾਂਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਹੱਥੋ-ਹੱਥ ਖ਼ਰੀਦਣ ਦੇ ਹੁਕਮ ਦਿੱਤੇ ਸਨ। ਕਈ ਥਾਵਾਂ ’ਤੇ ਫ਼ਸਲਾਂ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 23.3 ਮਿਲੀਮੀਟਰ ਮੀਂਹ ਪਿਆ ਹੈ। ਇਸ ਦੇ ਨਾਲ ਹੀ ਫਤਿਹਗੜ੍ਹ ਸਾਹਿਬ ’ਚ 19 ਐੱਮਐੱਮ ਮੀਂਹ ਪਿਆ। ਮੀਂਹ ਪੈਣ ਕਰਕੇ ਦੋਵਾਂ ਸ਼ਹਿਰਾਂ ’ਚ ਹਰ ਪਾਸੇ ਪਾਣੀ ਜਮ੍ਹਾਂ ਹੋ ਗਿਆ, ਜਿਸ ਕਰਕੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ’ਚ 4 ਐੱਮਐੱਮ, ਅੰਮ੍ਰਿਤਸਰ 17.6, ਲੁਧਿਆਣਾ 13.8, ਪਠਾਨਕੋਟ 5.6, ਗੁਰਦਾਸਪੁਰ 12.5, ਨਵਾਂ ਸ਼ਹਿਰ 3, ਬਰਨਾਲਾ 1.5, ਫਿਰੋਜ਼ਪੁਰ 12.5, ਜਲੰਧਰ 16.5, ਮੁਹਾਲੀ 2.5 ਤੇ ਰੋਪੜ ਵਿੱਚ 2.5 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 13 ਅਕਤੂਬਰ ਤੋਂ ਮੁੜ ਮੌਸਮ ਖ਼ਰਾਬ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਵਿਗਾੜ ਦੇ ਚਲਦਿਆਂ 13 ਤੋਂ 16 ਅਕਤੂਬਰ ਤੱਕ ਮੌਸਮ ਖ਼ਰਾਬ ਹੋ ਸਕਦਾ ਹੈ।

ਸੂਬੇ ਵਿੱਚ ਲੰਘੀ ਰਾਤ ਪਏ ਮੀਂਹ ਕਰਕੇ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਕਰਕੇ 24 ਘੰਟਿਆਂ ਦੌਰਾਨ ਸੂਬੇ ’ਚ ਵੱਧ ਤੋਂ ਵੱਧ ਤਾਪਮਾਨ ’ਚ 2 ਤੋਂ 4 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ 2 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਤਾਪਮਾਨ ’ਚ ਆਈ ਗਿਰਾਵਟ ਕਰਕੇ ਪਾਵਰਕੌਮ ਨੇ ਵੀ ਸੁੱਖ ਦਾ ਸਾਹ ਲਿਆ ਹੈ। ਮੌਸਮ ਦਾ ਮਿਜ਼ਾਜ ਬਦਲਣ ਦੇ ਨਾਲ ਸੂਬੇ ’ਚ ਬਿਜਲੀ ਦੀ ਮੰਗ ਵੀ ਘਟੀ ਹੈ। ਸੂਬੇ ਵਿੱਚ ਬਿਜਲੀ ਦੀ ਮੰਗ 8 ਤੋਂ 10 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ।