ਦਿੱਲੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਹੇਠਲੀ ਅਦਾਲਤ ਦੋਸ਼ ਤੈਅ ਕਰੇ ‘ਤੇ 29 ਨਵੰਬਰ ਨੂੰ ਆਪਣਾ ਫੈਸਲਾ ਸੁਣਾਵੇ,ਜਿਸ ਤੋਂ ਬਾਅਦ ਸੁਪਰੀਮ ਕੋਰਟ 12 ਦਸੰਬਰ ਨੂੰ ਸੁਣਵਾਈ ਕਰੇਗਾ।
ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਹੋ ਚੁੱਕੀ ਹੈ। ਹੇਠਲੀ ਅਦਾਲਤ ਨੇ ਦੋਸ਼ ਤੈਅ ਕਰਨ ਲਈ 29 ਨਵੰਬਰ ਦੀ ਤਰੀਕ ਤੈਅ ਕੀਤੀ ਹੈ। ਇਸ ਲਈ ਹੇਠਲੀ ਅਦਾਲਤ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇੱਕ ਹਫ਼ਤੇ ਦੇ ਅੰਦਰ ਦੋਸ਼ ਤੈਅ ਕੀਤੇ ਜਾਣ।
ਇਸ ਸੁਣਵਾਈ ਦੇ ਦੌਰਾਨ ਆਸ਼ੀਸ਼ ਮਿਸ਼ਰਾ ਦੇ ਵਕੀਲ ਵੱਲੋਂ ਪਟੀਸ਼ਨ ਵਿੱਚ ਤਰਕ ਦਿੱਤਾ ਗਿਆ ਸੀ ਕਿ ਉਹ ਪਿਛਲੇ 11 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਇਸ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਕਿਸਾਨ ਅੰਦੋਲਨ ਦੇ ਦੌਰਾਨ ਘਿਰਾਓ ਹੋ ਰਿਹਾ ਸੀ, ਜਿਸ ਕਾਰਨ ਗੱਡੀ ਬੇਕਾਬੂ ਹੋ ਗਈ ਸੀ । ਇਸ ਤੋਂ ਇਲਾਵਾ ਗੋਲੀਬਾਰੀ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਹਾਈ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਜਾਂਚ ਵੀ ਹੋ ਚੁੱਕੀ ਹੈ ਤੇ ਚਾਰਜਸ਼ੀਟ ਵੀ ਦਾਇਰ ਕੀਤੀ ਹੈ।
ਇਸ ਪਟੀਸ਼ਨ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮ ਘਟਨਾ ਤੋਂ 4 ਕਿਲੋਮੀਟਰ ਦੂਰ ਕੁਸ਼ਤੀ ਦੇ ਮੈਚ ਦੇਖ ਰਿਹਾ ਸੀ । ਇਹ ਗੱਲ ਗਲਤ ਹੈ ਕਿ ਇਹ ਘਟਨਾ ਪਹਿਲਾਂ ਤੋਂ ਯੋਜਨਾਬੱਧ ਸੀ ਤੇ ਕੈਵੀਏਟ ਦਰਜ ਕਰਨ ਵਾਲੇ ਵਿਅਕਤੀ ਦਾ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਦਕਿ ਪੀੜਤ ਪਰਿਵਾਰਾਂ ਨੇ ਜ਼ਮਾਨਤ ਦਾ ਵਿਰੋਧ ਕੀਤਾ ਸੀ।
ਪੀੜਤਾਂ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਦੁਸ਼ਯੰਤ ਦਵੇ ਨੇ ਕਿਹਾ ਸੀ ਕਿ ਅਜਿਹੇ ਸਬੂਤ ਮਿਲੇ ਹਨ ਕਿ ਅਪਰਾਧ “ਪਹਿਲਾਂ ਤੋਂ ਸੋਚਿਆ” ਸੀ। ਇਸ ਘਟਨਾ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ। ਅਦਾਲਤ ਨੇ 26 ਸਤੰਬਰ ਨੂੰ ਉੱਤਰ ਪ੍ਰਦੇਸ਼ ਰਾਜ ਨੂੰ ਨੋਟਿਸ ਜਾਰੀ ਕੀਤਾ ਸੀ। ਬੈਂਚ ਇਲਾਹਾਬਾਦ ਹਾਈ ਕੋਰਟ ਦੇ 26 ਜੁਲਾਈ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਮਿਸ਼ਰਾ ਦੀ ਪਟੀਸ਼ਨ ‘ਤੇ ਵਿਚਾਰ ਕਰ ਰਹੀ ਹੈ, ਜਿਸ ਵਿਚ ਉਸ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਆਸ਼ੀਸ਼ ਮਿਸ਼ਰਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਸੀ ਕਿ ਉਹ 10 ਮਹੀਨਿਆਂ ਤੋਂ ਜੇਲ ‘ਚ ਹਨ ਅਤੇ ਸੁਪਰੀਮ ਕੋਰਟ ਪਹਿਲਾਂ ਹੀ ਜ਼ਮਾਨਤ ਪਟੀਸ਼ਨ ‘ਤੇ ਨੋਟਿਸ ਜਾਰੀ ਕਰ ਚੁੱਕੀ ਹੈ।
ਹਾਈ ਕੋਰਟ ਨੇ ਪਹਿਲਾਂ ਜ਼ਮਾਨਤ ਦਿੱਤੀ ਸੀ ਪਰ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਸੀ। ਯੂਪੀ ਸਰਕਾਰ ਨੇ ਅਜੇ ਤੱਕ ਆਪਣਾ ਜਵਾਬ ਦਾਖਲ ਨਹੀਂ ਕੀਤਾ ਹੈ। ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਸੁਣਵਾਈ ਕਰ ਰਹੀ ਸੀ। ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਲਖੀਮਪੁਰ ਮਾਮਲੇ ‘ਚ ਕਿਸਾਨਾਂ ਦੀ ਮੌਤ ਹੋਈ ਹੈ।