ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ(Punjab and Haryana High Court) ਨੇ ਕਿਸਾਨੀ ਅੰਦੋਲਨ(peasant movement) ਦੌਰਾਨ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਦੇ ਮੌਤ ਦੇ ਮਾਮਲੇ ਵਿੱਚ ਨਿਆਂਇਕ ਜਾਂਚ ਕਮੇਟੀ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਛੇ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਜਾਣਕਾਰੀ ਮੁਤਾਬਕ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਬਣੀ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਅੰਤ੍ਰਿਮ ਰਿਪੋਰਟ ਦਾਖ਼ਲ ਕਰਨ ਲਈ 6 ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਇਸ ਕਮੇਟੀ ਦੀ ਅਗਵਾਈ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਏਡੀਜੀਪੀ ਪ੍ਰਮੋਦ ਬਾਨ ਅਤੇ ਹਰਿਆਣਾ ਤੋਂ ਏਡੀਜੀਪੀ ਅਮਿਤਾਭ ਸਿੰਘ ਢਿੱਲੋਂ ਵੀ ਇਸ ਕਮੇਟੀ ਦੇ ਮੈਂਬਰ ਹਨ।
ਜਸਟਿਸ ਜੈਸ਼੍ਰੀ ਠਾਕੁਰ ਦੀ ਅਗਵਾਈ ਵਾਲੇ ਪੈਨਲ ਨੇ ਸੁਣਵਾਈ ਦੌਰਾਨ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਦੀ ਬੈਂਚ ਨੂੰ ਘਟਨਾ ਵਾਲੀ ਥਾਂ ਅਤੇ ਮੌਤ ਦੇ ਸਥਾਨ ਬਾਰੇ ਮਾਮਲੇ ਦੀ ਜਾਂਚ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਰਿਪੋਰਟ ਦੇਣ ਲਈ ਕਿਹਾ ਸੀ। ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਕਿਹਾ ਸੀ ਕਿ ਇਕ ਸੂਬਾ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ, ਜਦਕਿ ਦੂਜਾ ਜਾਂਚ ਨੂੰ ਸੰਭਾਲਣ ਲਈ ਤਰਸ ਰਿਹਾ ਹੈ।
ਜਦੋਂ ਇਹ ਮਾਮਲਾ ਮੁੜ ਸੁਣਵਾਈ ਲਈ ਆਇਆ ਤਾਂ ਕਮੇਟੀ ਪ੍ਰਧਾਨ ਵੱਲੋਂ ਇੱਕ ਪੱਤਰ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਦੇ ਬੈਂਚ ਅੱਗੇ ਰੱਖਿਆ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਕਮੇਟੀ ਨੇ 18 ਅਪ੍ਰੈਲ ਨੂੰ ਸਾਈਟ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ।
ਜਾਂਚ ਕਮੇਟੀ ਨੇ ਕਿਹਾ ਕਿ ਪਟੀਸ਼ਨਰਾਂ ਨੂੰ 18 ਅਪ੍ਰੈਲ ਨੂੰ ਸਵੇਰੇ 11:30 ਵਜੇ ਪੀਡਬਲਯੂਡੀ ਗੈਸਟ ਹਾਊਸ ਨਰਵਾਣਾ ਵਿਖੇ ਹਾਜ਼ਰ ਹੋਣ ਲਈ ਜ਼ਰੂਰੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਬੈਂਚ ਨੇ 6 ਹਫਤਿਆਂ ਦੇ ਅੰਦਰ ਅੰਤਰਿਮ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਸੁਣਵਾਈ 28 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਦੋਸ਼ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ। 7 ਮਾਰਚ ਨੂੰ ਹਾਈਕੋਰਟ ਨੇ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਸੀ।