ਪੰਜਾਬ ਸਰਕਾਰ ਦੇ ਲਗਾਤਾਰ ਦਾਅਵਿਆਂ ਦੇ ਬਾਵਜੂਦ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਹੋ ਰਹੇ। ਐਤਵਾਰ ਨੂੰ ਸੂਬੇ ਭਰ ਵਿੱਚ ਪਰਾਲੀ ਸਾੜਨ ਦੇ 1761 ਮਾਮਲੇ ਸਾਹਮਣੇ ਆਏ, ਜਿਸ ਨੇ 2021 ਦਾ ਰਿਕਾਰਡ ਤੋੜ ਦਿੱਤਾ। ਪਿਛਲੇ ਸਾਲ 30 ਅਕਤੂਬਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 1373 ਮਾਮਲੇ ਸਾਹਮਣੇ ਆਏ ਸਨ।
ਪਰਾਲੀ ਸਾੜਨ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਿਲ੍ਹਾ ਤੀਜੇ ਨੰਬਰ ਜਦਕਿ ਲੁਧਿਆਣਾ ਦੂਜੇ ਅਤੇ ਤਰਨਤਾਰਨ ਪਹਿਲੇ ਨੰਬਰ ‘ਤੇ ਆਇਆ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਜ਼ਨ ਵਿੱਚ ਸਭ ਤੋਂ ਵੱਧ ਪਰਾਲੀ ਸਾੜੀ ਗਈ
ਜ਼ਿਲ੍ਹੇ ਦੇ ਮਾਮਲੇ
ਤਰਨਤਾਰਨ 2298
ਪਟਿਆਲਾ 1576
ਸੰਗਰੂਰ 1369
ਅੰਮ੍ਰਿਤਸਰ 1318
ਕਪੁਪਥਲਾ 856
ਇਸ ਦੇ ਨਾਲ ਹੀ ਪੰਜਾਬ ਵਿੱਚ 15 ਸਤੰਬਰ ਤੋਂ ਐਤਵਾਰ (30 ਅਕਤੂਬਰ) ਤੱਕ ਪਰਾਲੀ ਸਾੜਨ ਦੇ ਸਾਹਮਣੇ ਆਏ ਕੁੱਲ ਕੇਸਾਂ ਦੀ ਗਿਣਤੀ ਨੇ ਵੀ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 13873 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਪਿਛਲੇ ਸਾਲ ਇਸ ਸਮੇਂ ਦੌਰਾਨ 10229 ਮਾਮਲੇ ਸਾਹਮਣੇ ਆਏ ਸਨ।
ਸੂਬਾ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਥੋੜ੍ਹੀ ਨਰਮੀ ਵਰਤ ਰਹੀ ਹੈ ਜਦੋਂ ਕਿ ਖੇਤੀ ਅਫ਼ਸਰਾਂ ਖ਼ਿਲਾਫ਼ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ’ਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸਮਾਣਾ ਪਟਿਆਲਾ ਸਤੀਸ਼ ਕੁਮਾਰ, ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਤਰਨ ਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫ਼ਸਰ ਪੱਟੀ, ਤਰਨ ਤਾਰਨ ਭੁਪਿੰਦਰ ਸਿੰਘ ਸ਼ਾਮਲ ਹਨ। ਮੁਅੱਤਲੀ ਦੌਰਾਨ ਇਹ ਅਧਿਕਾਰੀ ਦਫ਼ਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ.ਨਗਰ ਨੂੰ ਰਿਪੋਰਟ ਕਰਨਗੇ।
ਵੇਰਵਿਆਂ ਅਨੁਸਾਰ ਅੱਜ ਇੱਕੋ ਦਿਨ ਵਿਚ ਸੂਬੇ ਵਿਚ 1761 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਈ ਗਈ ਹੈ। ਅੱਜ ਜ਼ਿਲ੍ਹਾ ਸੰਗਰੂਰ ਵਿਚ ਸਭ ਤੋਂ ਜ਼ਿਆਦਾ 323 ਥਾਵਾਂ ’ਤੇ ਪਰਾਲੀ ਸਾੜੀ ਗਈ ਹੈ ਜਦੋਂ ਕਿ ਮੁਹਾਲੀ ਜ਼ਿਲ੍ਹੇ ਵਿਚ ਸਿਰਫ਼ ਪੰਜ ਥਾਵਾਂ ’ਤੇ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਰਾਲੀ ਨਾ ਸਾੜਨ ਲਈ ਲਗਾਤਾਰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਸਪੀਕਰ ਸੰਧਵਾਂ ਨੇ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਨੂੰ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਹੈ ਜਿਸ ਦੇ ਵਜੋਂ ਉਨ੍ਹਾਂ ਦੇ ਹਲਕੇ ਦੇ ਬਲਾਕ ਕੋਟਕਪੂਰਾ ਵਿਚ ਹੁਣ ਤੱਕ ਪੂਰੇ ਸੀਜ਼ਨ ਵਿਚ 26 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਈ ਗਈ ਹੈ। ਹਲਕਾ ਲੰਬੀ ਵਿਚ ਸਿਰਫ਼ 20 ਥਾਵਾਂ ’ਤੇ ਪਰਾਲੀ ਸਾੜੀ ਗਈ ਹੈ।
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹਲਕੇ ਦੇ ਬਲਾਕ ਸਮਾਣਾ ਦੀ, ਪਰਾਲੀ ਨੂੰ ਸਾੜਨ ਦੇ ਮਾਮਲੇ ਵਿਚ ਜ਼ਿਲ੍ਹੇ ਭਰ ’ਚੋਂ ਝੰਡੀ ਹੈ। ਜਾਣਕਾਰੀ ਅਨੁਸਾਰ ਹੁਣ ਪਰਾਲੀ ਨੂੰ ਸਾੜਨ ਦਾ ਰੁਝਾਨ ਵਧਣ ਦਾ ਖ਼ਦਸ਼ਾ ਹੈ ਕਿਉਂਕਿ ਝੋਨੇ ਦੀ ਵਾਢੀ ਹੁਣ ਆਖ਼ਰੀ ਪੜਾਅ ’ਤੇ ਹੈ, ਜਿਸ ਕਰਕੇ ਸਰਕਾਰ ਨੇ ਭੱਜ-ਨੱਠ ਸ਼ੁਰੂ ਕਰ ਦਿੱਤੀ ਹੈ।
ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ 31 ਅਕਤੂਬਰ ਨੂੰ ਪਰਾਲੀ ਦੇ ਮੁੱਦੇ ’ਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਖੇਤੀ ਮਹਿਕਮੇ ਅਤੇ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਨਗੇ। ਦੂਜੇ ਪਾਸੇ ਸਰਕਾਰ ਨੇ ਮੁੱਢਲੇ ਪੜਾਅ ’ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਉਣੀ ਸ਼ੁਰੂ ਕੀਤੀ ਸੀ ਜਿਸ ਨੂੰ ਲੈ ਕੇ ਕਿਸਾਨ ਭੜਕ ਉੱਠੇ ਸਨ। ਉਸ ਮਗਰੋਂ ਸਰਕਾਰ ਨੇ ਪੈਰ ਪਿਛਾਂਹ ਖਿੱਚ ਲਏ ਸਨ।