‘ਦ ਖ਼ਾਲਸ ਬਿਊਰੋ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਦੇ ਗਵਾਚ ਜਾਣ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਿੱਖ ਸਦਭਾਵਨਾ ਦਲ ਵੱਲੋਂ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ।
ਜਾਣਕਾਰੀ ਦਿੰਦਿਆਂ ਭਾਈ ਬਲਜੀਤ ਸਿੰਘ ਸ਼ਿਕਾਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਈ ਐਡਵੋਕੇਟ ਈਸ਼ਰ ਸਿੰਘ ਦੀ ਪੜਤਾਲੀਆ ਰਿਪੋਰਟ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਜ਼ ਧਿਰ ਸ਼ੋ੍ਮਣੀ ਅਕਾਲੀ ਦਲ ਦੀ ਅਗਵਾਈ ਹੇਠਲੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨੂੰ ਚੋਰੀ ਕਰਕੇ ਵੇਚਣ ਦੇ ਦੋਸ਼ ਲਾਏ ਗਏ ਸਨ।
ਉਨਾਂ ਕਿਹਾ ਕਿ ਅਜਿਹੇ ਜੁਰਮ ਆਮ ਅਪਰਾਧ ਨਹੀਂ ਹਨ। ਭਾਈ ਬਲਜੀਤ ਸਿੰਘ ਨੇ ਕਿਹਾ ਕਿ ਉਪਰੋਕਤ ਮਾਮਲੇ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸਿੱਖ ਸਦਭਾਵਨਾ ਦਲ 4 ਨਵੰਬਰ 2020 ਤੋਂ ਸ਼ਾਂਤਮਈ ਢੰਗ ਨਾਲ ਇਨਸਾਫ਼ ਲਈ ਪ੍ਰਦਰਸ਼ਨ ਕਰ ਰਿਹਾ ਹੈ। ਉਨਾਂ ਕਿਹਾ ਕਿ ਮੰਗ ਪੱਤਰ ਰਾਹੀਂ ਸਰਕਾਰ ਤੇ ਪ੍ਰਸ਼ਾਸਨ ਨੂੰ ਯਾਦ ਦਿਵਾਇਆ ਹੈ ਕਿ ਉਪਰੋਕਤ ਸੰਗੀਨ ਮਾਮਲੇ ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਸਿੱਖ ਸੰਗਤਾਂ ਨੂੰ ਇਨਸਾਫ਼ ਦਿੱਤਾ ਜਾਵੇ।