‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਤਰੀਕੇ ਨਾਲ ਨਵਿਆਇਆ ਜਲ੍ਹਿਆਂਵਾਲਾ ਬਾਗ ਸਮਾਰਕ ਦੇਸ਼ ਨੂੰ ਸਮਰਪਿਤ ਕਰਨਗੇ। ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਸ਼ਾਮੀ ਕਰੀਬ ਸਾਢੇ ਛੇ ਵਜੇ ਰੱਖਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਿਕ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਨੇ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19 ਕਰੋੜ 36 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਕੀਤੇ ਹਨ। ਉਸਾਰੀ ਕਾਰਜਾਂ ਕਾਰਨ ਇਸ ਨੂੰ 15 ਫਰਵਰੀ 2020 ਨੂੰ ਲੋਕਾਂ ਵਾਸਤੇ ਬੰਦ ਕਰ ਦਿੱਤਾ ਗਿਆ ਸੀ।
ਜੱਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਮੈਂਬਰ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਉਦਘਾਟਨੀ ਸਮਾਗਮ ਵਿਚ ਸ਼ਹੀਦਾਂ ਦੇ 29 ਪਰਿਵਾਰਾਂ ਨੂੰ ਵੀ ਸੱਦਿਆ ਗਿਆ ਹੈ।
ਦੱਸਣਯੋਗ ਹੈ ਕਿ ਇਤਿਹਾਸਕ ਯਾਦਗਾਰ ਵਿਚ ਕੀਤੇ ਨਵੀਨੀਕਰਨ ਅਤੇ ਸੁੰਦਰੀਕਰਨ ਤਹਿਤ ਇੱਥੇ ਚਾਰ ਮਿਊਜ਼ੀਅਮ ਗੈਲਰੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਇੱਥੋਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ ਅਤੇ ਥ੍ਰੀ ਡੀ ਰਾਹੀਂ ਵੀ ਇਤਿਹਾਸ ਦੀ ਪੇਸ਼ਕਾਰੀ ਕੀਤੀ ਜਾਵੇਗੀ।ਸ਼ਹੀਦੀ ਖੂਹ ਦੇ ਉੱਪਰਲੇ ਹਿੱਸੇ ਨੂੰ ਵੀ ਨਵੀਂ ਦਿੱਖ ਦਿੱਤੀ ਗਈ ਹੈ। ਇਸ ਦੇ ਆਲੇ ਦੁਆਲੇ ਲੱਗੀ ਲੋਹੇ ਦੀ ਜਾਲੀ ਦੀ ਥਾਂ ਹੁਣ ਸ਼ੀਸ਼ੇ ਲਗਾ ਦਿੱਤੇ ਗਏ ਹਨ ਤਾਂ ਜੋ ਇੱਥੇ ਆਉਣ ਵਾਲੇ ਸੈਲਾਨੀ ਇਸ ਨੂੰ ਚੰਗੀ ਤਰ੍ਹਾਂ ਦੇਖ ਸਕਣ।