Punjab

ਆਮ ਆਦਮੀ ਪਾਰਟੀ ਨੇ ਕੱਸੀ ਕਮਰ, ਜ਼ਿਮਨੀ ਚੋਣਾਂ ਲਈ ਇੰਚਾਰਜਾਂ ਅਤੇ ਸਹਿ ਇੰਚਾਰਜਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਇਆ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਤਿਆਰੀ ਆਰੰਭ ਲਈ ਹੈ। ਆਮ ਆਦਮੀ ਪਾਰਟੀ ਨੇ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ ਸੀਟਾਂ ਲਈ ਆਪਣੇ ਇੰਚਾਰਜਾਂ ਅਤੇ ਸਹਿ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਇੰਚਾਰਜ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸਹਿ ਇੰਚਾਰਜ ਲਗਾਇਆ ਹੈ।

ਗਿੱਦੜਬਾਹਾ ਸੀਟ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਇੰਚਾਰਜ ਅਤੇ ਦਵਿੰਦਰ ਸਿੰਘ ਲਾਡੀ ਢੋਸ ਨੂੰ ਸਹਿ ਇੰਚਾਰਜ ਲਗਾਇਆ ਗਿਆ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇੰਚਾਰਜ ਅਤੇ ਕਰਮਬੀਰ ਸਿੰਘ ਘੁੰਮਣ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ।

ਬਰਨਾਲਾ ਵਿਧਾਨ ਸਭਾ ਹਲਕੇ ਲਈ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਇੰਚਾਰਜ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਸਹਿ ਇੰਚਾਰਜ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਸਨ, ਜੋ ਹੁਣ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ। ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ, ਉਹ ਹੁਣ ਲੁਧਿਆਣਾ ਤੋਂ ਸੰਸਦ ਮੈਂਬਰ ਹਨ ਅਤੇ ਚੱਬੇਵਾਲ ਤੋਂ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਹ ਹੁਣ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਹਨ।

ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਸਨ, ਉਹ ਹੁਣ ਸੰਗਰੂਰ ਤੋਂ ਪਾਰਲੀਮੈਂਟ ਲਈ ਚੁਣੇ ਗਏ ਹਨ। ਇਨ੍ਹਾਂ ਸਾਰਿਆਂ ਲੀਡਰਾਂ ਦੇ ਸੰਸਦ ਮੈਂਬਰ ਚੁਣੇ ਜਾਣ ਕਰਕੇ ਇਨ੍ਹਾਂ ਸੀਟਾਂ ‘ਤੇ ਜ਼ਿਮਨੀ ਚੋਣ ਹੋ ਰਹੀ ਹੈ।

ਇਹ ਵੀ ਪੜ੍ਹੋ –    ਜੈਸ਼ ਨਾਲ ਜੁੜੇ ਅੱਤਵਾਦੀਆਂ ਦੇ 2 ਸਹਾਇਕ ਗ੍ਰਿਫਤਾਰ