Punjab

ਅੱਜ ਨਹੀਂ ਖੁਲਣਗੇ ਪੰਜਾਬ ਦੇ ਸਕੂਲ , ਕੜਾਕੇ ਦੀ ਠੰਡ ਕਰਕੇ ਸਰਕਾਰ ਨੇ ਵਧਾਈਆਂ ਸਰਦੀਆਂ ਦੀਆਂ ਛੁੱਟੀਆਂ

Increase in winter holidays in Punjab schools

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕੜਾਕੇ ਦੀ ਠੰਡ ਤੇ ਧੁੰਦ ਪੈ ਰਹੀ ਹੈ। ਮੌਸਮ ਵਿਭਾਗ ਨੇ ਵੀ ਅਗਲੇ ਪੰਜ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ, ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ।

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ। ਇਸ ਬਾਰੇ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ। ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕਿਹਾ, “ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ  ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।”

ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।