The Khalas Tv Blog Punjab ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਵਧੀ ਗਿਣਤੀ , ਸੂਬੇ ਵਿੱਚ ਹਰ ਚੌਥੇ ਪੰਜਾਬੀ ਕੋਲ ਹੈ ਪਾਸਪੋਰਟ
Punjab

ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਵਧੀ ਗਿਣਤੀ , ਸੂਬੇ ਵਿੱਚ ਹਰ ਚੌਥੇ ਪੰਜਾਬੀ ਕੋਲ ਹੈ ਪਾਸਪੋਰਟ

Increased number of passport holders in Punjab, every fourth Punjabi in the state has a passport

ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਵਧੀ ਗਿਣਤੀ , ਸੂਬੇ ਵਿੱਚ ਹਰ ਚੌਥੇ ਪੰਜਾਬੀ ਕੋਲ ਹੈ ਪਾਸਪੋਰਟ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਗਿਣਤੀ ਇੰਨੀ ਵਧ ਗਈ ਹੈ ਤੇ ਇਸ ਕੰਮ ਵਿੱਚ ਪੰਜਾਬ ਨੇ ਵੱਡੇ ਵੱਡੇ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ। ਭਾਵੇਂ ਮਜਬੂਰੀ ਕਹਿ ਲਓ ਜਾਂ ਫਿਰ ਵਿਦੇਸ਼ ਜਾਣ ਦਾ ਸ਼ੌਕ, ਪਰ ਪੰਜਾਬ ਦੇ ਔਸਤਨ ਹਰ ਚੌਥੇ ਵਿਅਕਤੀ ਕੋਲ ਅੱਜ ਪਾਸਪੋਰਟ ਹੈ। ਸਟੱਡੀ ਵੀਜ਼ੇ ’ਤੇ ਜਾਣ ਦੇ ਇੱਛੁਕਾਂ ਦੇ ਪਾਸਪੋਰਟਾਂ ਦੇ ਤਾਂ ਢੇਰ ਲੱਗ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵੇਲੇ ਲਗਪਗ ਤਿੰਨ ਕਰੋੜ ਦੀ ਆਬਾਦੀ ਵਾਲੇ ਸੂਬੇ ਪੰਜਾਬ ਵਿੱਚ 77.17 ਲੱਖ ਲੋਕਾਂ ਕੋਲ ਪਾਸਪੋਰਟ ਹਨ।

ਪੰਜਾਬ ਟ੍ਰਿਬਿਊਨ ਦੀ ਖ਼ਬਰ ਮੁਤਾਬਿਕ ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਗਏ ਤਾਜ਼ਾ ਵੇਰਵਿਆਂ ਅਨੁਸਾਰ ਦੇਸ਼ ਭਰ ਵਿੱਚ 9.58 ਕਰੋੜ ਪਾਸਪੋਰਟ ਹੋਲਡਰ ਹਨ ਤੇ ਪੰਜਾਬ ਇਸ ਸੂਚੀ ਵਿੱਚ ਸਮੁੱਚੇ ਦੇਸ਼ ’ਚੋਂ ਚੌਥੇ ਨੰਬਰ ’ਤੇ ਆਉਂਦਾ ਹੈ। ਪਹਿਲੇ ਨੰਬਰ ’ਤੇ 1.12 ਕਰੋੜ ਪਾਸਪੋਰਟਾਂ ਨਾਲ ਕੇਰਲਾ ਹੈ, ਜਦਕਿ ਦੂਸਰਾ ਨੰਬਰ 1.04 ਕਰੋੜ ਪਾਸਪੋਰਟਾਂ ਨਾਲ ਮਹਾਰਾਸ਼ਟਰ ਦਾ ਹੈ। ਉੱਤਰ ਪ੍ਰਦੇਸ਼ ਵਿੱਚ 87.03 ਲੱਖ ਪਾਸਪੋਰਟ ਬਣੇ ਹਨ, ਜੋ ਤੀਜੇ ਨੰਬਰ ’ਤੇ ਹੈ।

ਇਸੇ ਤਰ੍ਹਾਂ ਪੰਜਾਬ 67.26 ਲੱਖ ਪਾਸਪੋਰਟਾਂ ਨਾਲ ਚੌਥੇ ਸਥਾਨ ’ਤੇ ਹੈ। ਦਿੱਲੀ ’ਚ 39.06 ਲੱਖ ਤੇ ਚੰਡੀਗੜ੍ਹ ਵਿਚ 3.16 ਲੱਖ ਪਾਸਪੋਰਟ ਹਨ। ਗ਼ੌਰਤਲਬ ਹੈ ਕਿ ਜਦੋਂ ਤੋਂ ਸਟੱਡੀ ਵੀਜ਼ੇ ਦਾ ਰੁਝਾਨ ਵਧਿਆ ਹੈ, ਉਦੋਂ ਤੋਂ ਪੰਜਾਬ ਪੁਲੀਸ ਦਾ ਵੈਰੀਫਿਕੇਸ਼ਨ ਦਾ ਕੰਮ ਵੀ ਤੇਜ਼ੀ ਨਾਲ ਵਧਿਆ ਹੈ। ਪੰਜਾਬ ਦੇ ਪਿੰਡਾਂ ’ਚੋਂ ਵੱਡੀ ਗਿਣਤੀ ਨੌਜਵਾਨ ਸਟੱਡੀ ਵੀਜ਼ੇ ’ਤੇ ਪਰਵਾਸ ਕਰ ਰਹੇ ਹਨ। ਜਾਣਕਾਰੀ ਅਨੁਸਾਰ 2017 ਤੋਂ ਸਟੱਡੀ ਵੀਜ਼ੇ ’ਤੇ ਜਾਣ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵਧਿਆ ਹੈ। 2022 ਦੇ ਨਵੰਬਰ ਮਹੀਨੇ ਤੱਕ 7.40 ਲੱਖ ਪਾਸਪੋਰਟ ਬਣ ਚੁੱਕੇ ਹਨ, ਜਦਕਿ     2021 ਵਿੱਚ 6.44 ਲੱਖ ਪਾਸਪੋਰਟ ਬਣਾਏ ਗਏ ਸਨ।

ਜੇਕਰ ਜ਼ਿਲ੍ਹਾ ਵਾਰ ਨਜ਼ਰ ਮਾਰੀਏ ਤਾਂ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 9.58 ਲੱਖ ਪਾਸਪੋਰਟ ਹਨ ਜਦਕਿ ਲੁਧਿਆਣਾ ਜ਼ਿਲ੍ਹੇ ਵਿੱਚ 7.28 ਲੱਖ, ਹੁਸ਼ਿਆਰਪੁਰ ਵਿੱਚ 5.67 ਲੱਖ, ਪਟਿਆਲਾ ਜ਼ਿਲ੍ਹੇ ਵਿੱਚ 4.88 ਲੱਖ, ਸੰਗਰੂਰ ਜ਼ਿਲ੍ਹੇ ਵਿੱਚ 3.20 ਲੱਖ, ਬਠਿੰਡਾ ਜ਼ਿਲ੍ਹੇ ਵਿੱਚ 2.47 ਲੱਖ ਤੇ ਮਾਨਸਾ ਜ਼ਿਲ੍ਹੇ ਵਿੱਚ 86,352 ਪਾਸਪੋਰਟ ਮੌਜੂਦ ਹਨ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਵਿੱਚ ਜਿਨ੍ਹਾਂ ਦੇ ਸਟੱਡੀ ਵੀਜ਼ੇ ਨਹੀਂ ਲੱਗੇ, ਉਨ੍ਹਾਂ ਵੱਲੋਂ ਆਪਣੇ ਪਾਸਪੋਰਟ ਰੀਨਿਊ ਵੀ ਨਹੀਂ ਕਰਵਾਏ ਗਏ।

ਅੰਕੜਿਆਂ ਅਨੁਸਾਰ ਸਮੁੱਚੇ ਪੰਜਾਬ ਵਿੱਚ 5.62 ਲੱਖ ਪਾਸਪੋਰਟ ਹਨ, ਜੋ ਰੀਨਿਊ ਨਹੀਂ ਕਰਵਾਏ ਗਏ। ਇਸ ਵਿੱਚ ਲੁਧਿਆਣਾ ਜ਼ਿਲ੍ਹੇ ਦੇ 1.10 ਲੱਖ, ਜਲੰਧਰ ਜ਼ਿਲ੍ਹੇ ਦੇ 69489, ਹੁਸ਼ਿਆਰਪੁਰ ਜ਼ਿਲ੍ਹੇ ਦੇ 35,055, ਮੋਗਾ ਜ਼ਿਲ੍ਹੇ ਦੇ 30632, ਬਠਿੰਡਾ ਜ਼ਿਲ੍ਹੇ ਦੇ 20,889 ਤੇ ਬਰਨਾਲਾ ਜ਼ਿਲ੍ਹੇ ਦੇ 11,994 ਪਾਸਪੋਰਟ ਰੀਨਿਊ ਨਹੀਂ ਹੋਏ ਹਨ। ਇੱਕ ਪਾਸੇ ਪਾਸਪੋਰਟ ਬਣਵਾਉਣ ਵਾਲਿਆਂ ਤੋਂ ਵਿਦੇਸ਼ ਮੰਤਰਾਲੇ ਨੂੰ ਆਮਦਨ ਹੋ ਰਹੀ ਹੈ, ਉੱਥੇ ਪੰਜਾਬ ਪੁਲੀਸ ਨੂੰ ਵੀ ਵੈਰੀਫਿਕੇਸ਼ਨ ਬਦਲੇ ਪੈਸਾ ਮਿਲ ਰਿਹਾ ਹੈ। ਪੁਲੀਸ ਅਧਿਕਾਰੀ ਆਖਦੇ ਹਨ ਕਿ ਪਾਸਪੋਰਟ ਵੈਰੀਫਿਕੇਸ਼ਨ ਕਰਕੇ ਪੁਲੀਸ ਵਿਭਾਗ ਦਾ ਕੰਮ ਕਾਫ਼ੀ ਵੱਧ ਗਿਆ ਹੈ।

Exit mobile version