ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਅੱਜ ਸਵੇਰੇ ਪੁਲਿਸ ਅਤੇ ਨਿਹੰਗਾਂ ਦਰਮਿਆਨ ਗੋਲ਼ੀਬਾਰੀ ਹੋਈ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੈ। ਅਧਿਕਾਰੀ ਵੀ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ ਹਨ। ਇਸ ਗੁਰਦੁਆਰੇ ਦੇ ਕਬਜ਼ੇ ਨੂੰ ਲੈ ਕੇ ਦੋ ਧੜਿਆਂ ਵਿੱਚ ਵਿਵਾਦ ਚੱਲ ਰਿਹਾ ਹੈ।
ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲ਼ੀਬਾਰੀ ਵਿੱਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਮੁਲਾਜ਼ਮ ਜ਼ਖ਼ਮੀ ਹੋ ਗਿਆ। ਇਸ ਘਟਨਾ ‘ਚ 6 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਦਾ ਇਲਾਜ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।
ਐੱਸ ਐੱਸ ਪੀ ਵਤਸਲਾ ਗੁਪਤਾ ਅਨੁਸਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਬਾਬਾ ਬੁੱਢਾ ਦਲ 96 ਕਰੋੜੀ ਸੰਤ ਬਲਬੀਰ ਸਿੰਘ ਦਾ ਕਈ ਸਾਲਾਂ ਤੋਂ ਕਬਜ਼ਾ ਸੀ। ਉਨ੍ਹਾਂ ਨੇ ਆਪਣੇ ਦੋ ਸੇਵਕਾਂ ਨੂੰ ਗੁਰਦੁਆਰਾ ਅਕਾਲ ਬੁੰਗਾ ਵਿਚ ਬਿਠਾਇਆ ਸੀ। ਜਿਨ੍ਹਾਂ ਦੇ ਨਾਮ ਨਿਰਵੈਰ ਸਿੰਘ ਅਤੇ ਜਗਜੀਤ ਸਿੰਘ ਹਨ। 21 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 8.30 ਵਜੇ ਬਾਬਾ ਬੁੱਢਾ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਸੰਤ ਬਾਬਾ ਮਾਨ ਸਿੰਘ ਆਪਣੇ 15-20 ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿੱਚ ਜ਼ਬਰਦਸਤੀ ਦਾਖਲ ਹੋਏ। ਇੱਥੇ ਉਨ੍ਹਾਂ ਨੇ ਨਿਰਵੈਰ ਸਿੰਘ ਨੂੰ ਰੱਸੀਆਂ ਨਾਲ ਬੰਨ੍ਹ ਕੇ ਜਗਜੀਤ ਸਿੰਘ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੇ ਹਥਿਆਰ, ਮੋਬਾਈਲ ਫ਼ੋਨ ਅਤੇ ਪੈਸੇ ਖੋਹ ਕੇ ਗੁਰਦੁਆਰਾ ਸਾਹਿਬ ‘ਤੇ ਕਬਜ਼ਾ ਕਰ ਲਿਆ।
ਜਗਜੀਤ ਸਿੰਘ ਦੇ ਬਿਆਨਾਂ ‘ਤੇ ਬਾਬਾ ਮਾਨ ਸਿੰਘ ਅਤੇ ਉਨ੍ਹਾਂ ਦੇ 15-20 ਸਾਥੀਆਂ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ‘ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਬੁੱਧਵਾਰ ਨੂੰ ਨਿਹੰਗ ਸਿੰਘ ਮਾਨ ਸਿੰਘ ਦੇ 10 ਸੇਵਾਦਾਰਾਂ ਵੱਲੋਂ ਬਾਬਾ ਬਲਬੀਰ ਸਿੰਘ ਦੇ ਦੂਜੇ ਡੇਰੇ ਪਿੰਡ ਬੁਸੋਵਾਲ ਰੋਡ ਨੇੜੇ ਪੀਰ ਗੈਬ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੀ ਅਤੇ 10 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਵਿੱਚ 15 ਮਈ 2020 ਨੂੰ ਦੋ ਧੜਿਆਂ ਵਿੱਚ ਹੋਏ ਝੜਪ ਵਿੱਚ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੇਸ ਵਿੱਚ ਲੋੜੀਂਦੇ ਮੁਲਜ਼ਮ ਵੀ ਸ਼ਾਮਲ ਹਨ।